ਕਪੂਰਥਲਾ: ਆਮ ਆਦਮੀ ਪਾਰਟੀ (ਆਪ) ਵੱਲੋਂ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਇੱਕ ਵਿਸ਼ਾਲ ਮਹਾਂਰੈਲੀ ਕੀਤੀ ਜਾ ਰਹੀ ਹੈ, ਜਿਸ ਰਾਹੀਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਦਾ ਰਸਮੀ ਆਗਾਜ਼ ਵੀ ਕੀਤਾ ਜਾਵੇਗਾ। ਇਸ ਸਬੰਧੀ ਕਪੂਰਥਲਾ ਵਿਖੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਅਤੇ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਤੇ ਉਮੀਦਵਾਰ ਦਵਿੰਦਰਪਾਲ ਸਿੰਘ ਰੰਗਾ ਦੀ ਅਗਵਾਈ ਹੇਠ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਦੋਵਾਂ ਆਗੂਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਇਸ ਮਹਾਂਰੈਲੀ ਵਿੱਚ ਵੱਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਉਹ ਇਤਿਹਾਸਕ ਕੰਮ ਕਰ ਦਿਖਾਏ ਹਨ, ਜੋ ਰਵਾਇਤੀ ਪਾਰਟੀਆਂ 75 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਸਦਕਾ ਅੱਜ ਪੰਜਾਬ ਦੇ ਲਗਭਗ 90 ਫੀਸਦੀ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
ਸਿਹਤ ਖੇਤਰ ਵਿੱਚ ਆਈ ਕ੍ਰਾਂਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਪਰਿਵਾਰ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਮੁਫ਼ਤ (ਕੈਸ਼ਲੈੱਸ) ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਰਾਹੀਂ ਕਰੋੜਾਂ ਲੋਕ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਨਾਲ ਹੀ,
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।
ਖੇਤੀਬਾੜੀ ਖੇਤਰ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਦਲਜੀਤ ਸਿੰਘ ਰਾਜੂ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਈ ਸੀ, ਉਦੋਂ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਮਹਿਜ਼ 22 ਫੀਸਦੀ ਸੀ। ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਅੱਜ ਸੂਬੇ ਦੇ ਕਰੀਬ 88 ਫੀਸਦੀ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਈ ਹੈ।
ਇਸ ਮੌਕੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਵਜੋਂ 1000 ਅਤੇ 1500 ਰੁਪਏ ਪਾਏ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਾਨ ਸਰਕਾਰ ਨੇ ਲੋਕਾਂ ਦੀ ਲੁੱਟ ਬੰਦ ਕਰਦਿਆਂ ਪੰਜਾਬ ਭਰ ਵਿੱਚ 18 ਟੋਲ ਪਲਾਜ਼ੇ ਬੰਦ ਕਰਵਾਏ ਹਨ, ਜਿਸ ਨਾਲ ਆਮ ਜਨਤਾ ਦੀ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਸਿੱਧੀ ਬੱਚਤ ਹੋ ਰਹੀ ਹੈ।
ਰੰਗਾ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਸਖ਼ਤੀ ਨਾਲ ਚਲਾਈ ਜਾ ਰਹੀ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਭਰ ਵਿੱਚ 3100 ਨਵੇਂ ਖੇਡ ਸਟੇਡੀਅਮ ਤਿਆਰ ਕੀਤੇ ਗਏ ਹਨ।
ਦੋਵਾਂ ਆਗੂਆਂ ਨੇ ਸਪੱਸ਼ਟ ਕੀਤਾ ਕਿ 26 ਨਵੰਬਰ ਦੀ ਮੋਗਾ ਮਹਾਂਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਾਲ 2022 ਵਿੱਚ ਪਾਰਟੀ ਨੂੰ ਦਿੱਤੇ ਇਤਿਹਾਸਕ ਫਤਵੇ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕਰਨ ਲਈ ਲੋਕਾਂ ਨੂੰ ਇੱਕ ਵਾਰ ਫਿਰ ‘ਆਪ’ ਦਾ ਸਾਥ ਦੇਣ ਦੀ ਅਪੀਲ ਕੀਤੀ ਜਾਵੇਗੀ।



