ਫਿਰੋਜ਼ਪੁਰ: ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਕਸਰ ਚਰਚਾ ਵਿੱਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਮੋਬਾਈਲ ਫ਼ੋਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ 6 ਟੱਚ ਸਕ੍ਰੀਨ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ 6 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. (SPD) ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਦੌਰਾਨ ਇਸ ਗੱਲ ਦਾ ਪਤਾ ਲਗਾਇਆ ਜਾਵੇਗਾ ਕਿ ਇਹ ਮੋਬਾਈਲ ਫ਼ੋਨ ਸਖ਼ਤ ਸੁਰੱਖਿਆ ਦੇ ਬਾਵਜੂਦ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ। ਇਸ ਤੋਂ ਇਲਾਵਾ ਕਾਲ ਡਿਟੇਲ ਰਾਹੀਂ ਇਹ ਵੀ ਖੰਗਾਲਿਆ ਜਾਵੇਗਾ ਕਿ ਇਨ੍ਹਾਂ ਫ਼ੋਨਾਂ ਦੀ ਵਰਤੋਂ ਕਿਸ-ਕਿਸ ਵੱਲੋਂ ਕੀਤੀ ਜਾ ਰਹੀ ਸੀ ਅਤੇ ਜੇਲ੍ਹ ਦੇ ਅੰਦਰੋਂ ਬਾਹਰ ਕਿਹੜੇ ਲੋਕਾਂ ਨਾਲ ਸੰਪਰਕ ਸਾਧਿਆ ਜਾ ਰਿਹਾ ਸੀ।
ਐੱਸ.ਪੀ.ਡੀ. ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੀ ਕੰਧ ਦੇ ਬਿਲਕੁਲ ਨਾਲ ਰਿਹਾਇਸ਼ੀ ਇਲਾਕਾ ਲੱਗਦਾ ਹੈ। ਇਸੇ ਕਾਰਨ ਅਕਸਰ ਸ਼ਰਾਰਤੀ ਅਨਸਰਾਂ ਵੱਲੋਂ ਬਾਹਰੋਂ ‘ਥ੍ਰੋ’ (ਸੁੱਟਣ) ਜ਼ਰੀਏ ਮੋਬਾਈਲ ਫ਼ੋਨ ਅਤੇ ਹੋਰ ਇਤਰਾਜ਼ਯੋਗ ਸਾਮਾਨ ਜੇਲ੍ਹ ਦੇ ਅੰਦਰ ਸੁੱਟ ਦਿੱਤਾ ਜਾਂਦਾ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲਗਾਤਾਰ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਜਾਂਦੀ ਹੈ, ਜਿਸ ਦੇ ਤਹਿਤ ਇਹ ਬਰਾਮਦਗੀ ਸੰਭਵ ਹੋ ਸਕੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



