ਗੁਰਦਾਸਪੁਰ : ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਗੱਡੀ ਦਾ ਅਚਾਨਕ ਟਾਇਰ ਫਟ ਗਿਆ। ਟਾਇਰ ਫਟਣ ਕਾਰਨ ਗੱਡੀ ਪੂਰੀ ਤਰ੍ਹਾਂ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਇੱਕ ਟਰਾਲੇ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ। ਇਸ ਟੱਕਰ ਵਿੱਚ ਜਿੱਥੇ ਦੋਵਾਂ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ, ਉੱਥੇ ਹੀ ਗੱਡੀ ਦਾ ਡਰਾਈਵਰ ਅੰਦਰ ਹੀ ਫਸ ਕੇ ਜ਼ਖ਼ਮੀ ਹੋ ਗਿਆ।
ਹਾਦਸੇ ਦਾ ਸ਼ਿਕਾਰ ਹੋਏ ਖੜ੍ਹੇ ਟਰਾਲੇ ਦੇ ਡਰਾਈਵਰ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਠਾਨਕੋਟ ਤੋਂ ਮਾਲ ਲੋਡ ਕਰਕੇ ਆਇਆ ਸੀ। ਉਸ ਨੇ ਸੜਕ ਕਿਨਾਰੇ ਟਰਾਲਾ ਰੋਕ ਕੇ ਚਾਹ ਪੀਤੀ ਸੀ ਅਤੇ ਹੁਣ ਅੱਗੇ ਚੱਲਣ ਦੀ ਤਿਆਰੀ ਕਰ ਹੀ ਰਿਹਾ ਸੀ ਕਿ ਅਚਾਨਕ ਪਿੱਛੋਂ ਆਈ ਇੱਕ ਬੇਕਾਬੂ ਗੱਡੀ ਨੇ ਟਰਾਲੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਟਰਾਲੇ ਦੇ ਟਾਇਰ ਵੀ ਫਟ ਗਏ ਅਤੇ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਗੱਡੀ ਦੀ ਹਾਲਤ ਇੰਨੀ ਖ਼ਰਾਬ ਸੀ ਕਿ ਡਰਾਈਵਰ ਅੰਦਰ ਬੁਰੀ ਤਰ੍ਹਾਂ ਫਸ ਗਿਆ ਸੀ। SSF ਦੇ ਜਵਾਨਾਂ ਨੇ ਮੌਕੇ ‘ਤੇ ਮੌਜੂਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਤੋਂ ਬਾਅਦ ਡਰਾਈਵਰ ਨੂੰ ਸੁਰੱਖਿਅਤ ਬਾਹਰ ਕੱਢਿਆ। ਇਸ ਹਾਦਸੇ ਵਿੱਚ ਡਰਾਈਵਰ ਦੀ ਲੱਤ ‘ਤੇ ਗੰਭੀਰ ਸੱਟ ਲੱਗੀ ਹੈ।
ਮੌਕੇ ‘ਤੇ ਪਹੁੰਚੇ SSF ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੱਡੀ ਦਾ ਅਗਲਾ ਟਾਇਰ ਫਟਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਸਫ਼ਰ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਵਾਹਨ ਦੇ ਟਾਇਰਾਂ ਅਤੇ ਹੋਰ ਤਕਨੀਕੀ ਹਿੱਸਿਆਂ ਦੀ ਜਾਂਚ ਜ਼ਰੂਰ ਕਰੋ। ਲੰਬੇ ਸਫ਼ਰ ਦੌਰਾਨ ਜੇਕਰ ਨੀਂਦ ਮਹਿਸੂਸ ਹੋਵੇ ਤਾਂ ਵਾਹਨ ਨੂੰ ਕਿਸੇ ਸੁਰੱਖਿਅਤ ਥਾਂ ‘ਤੇ ਰੋਕ ਕੇ ਆਰਾਮ ਕਰੋ ਅਤੇ ਹਮੇਸ਼ਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਸਾਵਧਾਨੀ ਨਾਲ ਡਰਾਈਵਿੰਗ ਕਰੋ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


