ਫਿਰੋਜ਼ਪੁਰ (ਸੰਨੀ ਚੋਪੜਾ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇ ਲਈ ਹੜਤਾਲ ਸ਼ੁਰੂ ਹੋ ਗਈ ਹੈ, ਜਿਥੇ ਕੰਟਰੈਕਟ ‘ਤੇ 8000 ਦੇ ਕਰੀਬ ਮੁਲਾਜ਼ਮ ਹੜਤਾਲ ਕਰ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢ ਰਹੇ ਹਨ। ਉਥੇ ਹੀ ਫਿਰੋਜ਼ਪੁਰ ਸਿਟੀ ਦੇ ਬਸ ਸਟੈਂਡ ‘ਤੇ ਮੁਲਾਜ਼ਮਾਂ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ, ਫਿਰੋਜ਼ਪੁਰ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਟਰਾਂਸਪੋਰਟ ਮਾਫੀਆ ਖਤਮ ਕਰਨ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਤ੍ਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਵੀ ਕੋਈ ਮਸਲਾ ਹੱਲ ਨਹੀਂ ਕੀਤਾ।
Read more-ਅਮਰੀਕਾ ਦੇ ਫਲੋਰੀਡਾ ਵਿਚ ਹੋਈ ਫਾਇਰਿੰਗ ਵਿਚ 4 ਲੋਕਾਂ ਦੀ ਮੌਤ
ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕੀਤੀ ਜਾਵੇ , ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ। ਜਿੰਨਾ ਚਿਰ ਟਰਾਂਸਪੋਰਟ ਦਾ ਸਮੁੱਚਾ ਕਾਮਾ ਪੱਕਾ ਨਹੀਂ ਹੁੰਦਾ। ਸੰਘਰਸ਼ ਜਾਰੀ ਰਹੇਗਾ ਅਤੇ 7 ਸਤੰਬਰ ਨੂੰ ਸਿਸਵਾਂ ਫਾਰਮ ਦਾ ਘਿਰਾਓ ਵੀ ਕੀਤਾ ਜਾਵੇਗਾ। ਉਥੇ ਹੀ 2300 ਦੇ ਕਰੀਬ ਪੰਜਾਬ ਰੋਡਵੇਜ ਅਤੇ ਪਨ ਬਸ ਅਤੇ ਪੀ ਆਰ ਟੀ ਸੀ ਦੀਆਂ ਬੱਸਾਂ ਚਲਾ ਰਹੇ ਕੰਟਰੈਕਟ ਵਰਕਰਾਂ ਵਲੋਂ ਬੱਸਾਂ ਬੰਦ ਕਰਨ ਕਾਰਣ ਮੁਸਾਫਿਰ ਵੀ ਖੱਜਲ ਖੁਆਰ ਹੁੰਦੇ ਨਜ਼ਰ ਆ ਰਹੇ ਹਨ।




