ਕਰਨਾਲ (ਇੰਟ.)- ਕਿਸਾਨਾਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਖੱਟਰ ਸਰਕਾਰ ਨੂੰ ਦਿੱਤੇ ਅਲਟੀਮੇਟਮ ਤੋਂ ਬਾਅਦ ਅੱਜ ਕਰਨਾਲ ਸਕੱਤਰੇਤ ਦਾ ਘਿਰਾਓ ਕੀਤਾ ਜਾਵੇਗਾ। ਸਾਰੀਆਂ ਕਿਸਾਨ ਜਥੇਬੰਦੀਆਂ ਕਰਨਾਲ ਅਨਾਜ ਮੰਡੀ ਵਿੱਚ ਇਕੱਠੇ ਹੋਣ ਮਗਰੋਂ ਸਕੱਤਰੇਤ ਵੱਲ ਕੂਚ ਕਰਨਗੀਆਂ। ਕਰਨਾਲ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੰਟਰਨੈੱਟ ਅਤੇ ਐੱਸਐਮਐੱਸ ਸੇਵਾਵਾਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਅਤੇ ਪਾਣੀਪਤ ’ਚ ਸੋਮਵਾਰ ਦੁਪਹਿਰ 12 ਵਜੇ ਤੋਂ ਮੰਗਲਵਾਰ ਰਾਤ 12 ਵਜੇ ਤੱਕ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਦਿਆਂ ਰੈਪਿਡ ਐਕਸ਼ਨ ਫੋਰਸ (ਆਰਏਐੱਫ) ਦੇ ਜਵਾਨਾਂ ਦੀ ਟੁੱਕੜੀ ਨੂੰ ਸੱਦਿਆ ਹੈ ਜਿਸ ਵਿੱਚ 620 ਜਵਾਨ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਐੱਸਪੀ, ਡੀਐੱਸਪੀ, ਇੰਸਪੈਕਟਰ ਅਤੇ ਹਰਿਆਣਾ ਪੁਲਿਸ ਦੇ ਸੈਂਕੜੇ ਜਵਾਨ ਤਾਇਨਾਤ ਕੀਤੇ ਗਏ ਹਨ। ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨੈਸ਼ਨਲ ਹਾਈਵੇਅ-44 ਰਾਹੀਂ ਅੰਬਾਲਾ ਤੋਂ ਦਿੱਲੀ ਜਾਣ ਵਾਲੇ ਰੂਟ ਨੂੰ ਕਰਨਾਲ ਤੋਂ ਪਹਿਲਾਂ ਹੀ ਬਦਲ ਦਿੱਤਾ ਹੈ। ਕਰਨਾਲ ਸ਼ਹਿਰ ਵੱਲ ਜਾਣ ਵਾਲੇ ਸਾਰੀਆਂ ਸੜਕਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ।
Read more- 7 ਸਤੰਬਰ ਨੂੰ ਕਰਨਾਲ ਵਿਚ ਮਹਾਪੰਚਾਇਤ, ਪ੍ਰਸ਼ਾਸਨ ਨੇ ਕੀਤੀਆਂ ਇੰਟਰਨੈੱਟ ਸੇਵਾਵਾਂ ਬੰਦ ਤੇ ਲਗਾਈ ਧਾਰਾ 144
ਕਰਨਾਲ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੱਤਰੇਤ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਨਿੱਜੀ ਕੰਪਨੀਆਂ ਦੇ ਦਫ਼ਤਰ ਸਥਿਤ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਆ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸ਼ਹਿਰ ਵਿੱਚ ਇਕ ਥਾਂ ’ਤੇ ਬੈਠ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਸਕਦੇ ਹਨ ਪਰ ਕਿਸੇ ਨੂੰ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਨਹੀਂ ਦਿੱਤੀ ਜਾਵੇਗੀ। ਦੂਜੇ ਪਾਸੇ ਸੋਮਵਾਰ ਨੂੰ ਕਰਨਾਲ ਪ੍ਰਸ਼ਾਸਨ ਨੇ ਗੁਰਨਾਮ ਸਿੰਘ ਚੜੂਨੀ ਸਣੇ ਹੋਰ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਪੀਲ ਕੀਤੀ ਗਈ ਕਿ ਕਿਸਾਨ ਮੰਗਲਵਾਰ ਨੂੰ ਸਕੱਤਰੇਤ ਦਾ ਘਿਰਾਓ ਨਾ ਕਰਨ। ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਵਿਚਕਾਰ ਇਹ ਮੀਟਿੰਗ ਬੇਸਿੱਟਾ ਰਹੀ। ਬੈਠਕ ਵਿੱਚ ਡੀਸੀ ਨਿਸ਼ਾਂਤ ਕੁਮਾਰ ਯਾਦਵ, ਐੱਸਪੀ ਗੰਗਾਰਾਮ ਪੂਨੀਆ, ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ, ਜਗਦੀਪ ਔਲਖ ਸਣੇ 6 ਮੈਂਬਰ ਮੌਜੂਦ ਸਨ। ਚੜੂਨੀ ਨੇ ਕਿਹਾ ਕਿ ਪ੍ਰਸ਼ਾਸਨ ਨੇ ਕੇਵਲ ਮ੍ਰਿਤਕ ਦੇ ਪੁੱਤਰ ਨੂੰ ਡੀਸੀ ਰੇਟ ’ਤੇ ਨੌਕਰੀ ਦੇਣ ਦਾ ਹਵਾਲਾ ਦਿੱਤਾ ਹੈ ਅਤੇ ਹੋਰ ਮੰਗਾਂ ’ਤੇ ਕੋਈ ਚਰਚਾ ਨਹੀਂ ਕੀਤੀ ਗਈ। ਦੱਸਣਯੋਗ ਹੈ ਕਿ 28 ਅਗਸਤ ਨੂੰ ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਐੱਸਡੀਐੱਮ ਨੇ ਪੁਲੀਸ ਨੂੰ ਕਿਸਾਨਾਂ ਦੇ ਸਿਰਾਂ ਨੂੰ ਨਿਸ਼ਾਨਾ ਬਣਾ ਕੇ ਲਾਠੀਚਾਰਜ ਕਰਨ ਦੇ ਹੁਕਮ ਦਿੱਤੇ ਸਨ। ਲਾਠੀਚਾਰਜ ’ਚ ਜ਼ਖ਼ਮੀ ਹੋਏ ਇਕ ਕਿਸਾਨ ਦੀ ਮੌਤ ਹੋ ਗਈ ਸੀ ਅਤੇ ਦਰਜਨ ਦੇ ਕਰੀਬ ਹੋਰ ਕਿਸਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਕਿਸਾਨ ਜਥੇਬੰਦੀਆਂ ਨੇ ਲਾਠੀਚਾਰਜ ਦੇ ਆਦੇਸ਼ ਦੇਣ ਵਾਲੇ ਐੱਸਡੀਐੱਮ ਅਤੇ ਪੁਲੀਸ ਅਧਿਕਾਰੀਆਂ ’ਤੇ 6 ਸਤੰਬਰ ਤੱਕ ਕੇਸ ਦਰਜ ਦਾ ਅਲਟੀਮੇਟਮ ਦਿੱਤਾ ਸੀ।




