ਲੁਧਿਆਣਾ (ਇੰਟ.)- ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਮਾਣਹਾਨੀ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅੱਜ ਦੋ ਵਜੇ ਅਦਾਲਤ ਵਿਚ ਪੇਸ਼ ਹੋਣਗੇ। ਬੀਤੀ ਸ਼ਾਮ ਅਦਾਲਤ ਵਲੋਂ ਸੰਜੇ ਸਿੰਘ ਦੇ ਗ਼ੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
Read more- ਕਿਸਾਨਾਂ ਦਾ 11 ਮੈਂਬਰੀ ਵਫਦ ਗੱਲਬਾਤ ਲਈ ਰਵਾਨਾ
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜਸਭਾ ਮੈਂਬਰ ਸੰਜੇ ਸਿੰਘ ਖਿਲਾਫ ਲੁਧਿਆਣਾ ਦੀ ਇਕ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਨਹਾਨੀ ਮਾਮਲੇ ਵਿਚ ਜਾਰੀ ਕੀਤਾ ਗਿਆ ਹੈ। ਅਦਾਲਤ ਵਿਚ ਪੇਸ਼ ਨਾ ਹੋਣ ਕਾਰਣ ਸੰਜੇ ਸਿੰਘ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਇਸ ਮਾਮਲੇ ਵਿਚ ਸੰਜੇ ਸਿੰਘ ਨੂੰ ਪੇਸ਼ ਹੋਣਾ ਸੀ ਅਤੇ ਸੀਨੀਅਰ ਅਕਾਲੀ ਨੇਤਾ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਕ੍ਰਾਸ ਐਗਜ਼ਾਮੀਨੇਸ਼ਨ ਹੋਣਾ ਸੀ। ਸੰਜੇ ਸਿੰਘ ਦੇ ਪੇਸ਼ ਨਾ ਹੋਣ ‘ਤੇ ਵਕੀਲਾਂ ਨੇ ਇਕ ਐਪਲੀਕੇਸ਼ਨ ਦਿੱਤੀ ਸੀ ਕਿ ਉਹ ਪੇਸ਼ ਨਹੀਂ ਹੋ ਸਕਦੇ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦਾ ਬੇਲ ਬਾਂਡ ਰੱਦ ਕਰ ਉਨ੍ਹਾਂ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ।

