ਨਵੀਂ ਦਿੱਲੀਂ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਕੀਤੀ ਹੈ। ਇਸ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਕਿਸਾਨੀ ਮੁੱਦਿਆਂ ਉੱਤੇ ਖਾਸ ਕਰਕੇ ਚਰਚਾ ਹੋਈ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਅੱਜ ਬਤੌਰ ਪੰਜਾਬ ਮੁੱਖ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਹੋਈ ਹੈ। ਇਸ ਦੌਰਾਨ ਕਿਸਾਨੀ ਮੁੱਦਿਆਂ ਉੱਤੇ ਚਰਚਾ ਕੀਤੀ ਗਈ। ਉਨ੍ਹਾਂ ਪ੍ਰਧਾਨ ਮੰਤਰੀ ਸਾਹਮਣੇ ਝੋਨੇ ਦੀ ਖਰੀਦ ਵਿਚ ਦੇਰੀ ਦਾ ਮੁੱਦਾ ਚੁੱਕਿਆ। ਦੱਸ ਦਈਏ ਕਿ ਝੋਨੇ ਦੀ ਖਰੀਦ 1 ਅਕਤੂਬਰ ਨੂੰ ਸ਼ੁਰੂ ਹੋਣੀ ਸੀ ਪਰ ਹੁਣ ਇਸ ਵਿਚ 10 ਦਿਨ ਦੀ ਦੇਰੀ ਕਰ ਦਿੱਤੀ ਗਈ ਹੈ। ਹੁਣ ਝੋਨੇ ਦੀ ਖਰੀਬ 11 ਅਕਤੂਬਰ ਨੂੰ ਸ਼ੁਰੂ ਹੋਵੇਗੀ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸਾਹਮਣੇ ਕਰਤਾਰਪੁਰ ਲਾਂਘਾ ਮੁੜ ਖੋਲਣ ਦੀ ਵੀ ਮੰਗ ਕੀਤੀ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਵੀ ਦੋਵਾਂ ਵਿਚਾਲੇ ਹੋਈ ਰਸਮੀ ਮੁਲਾਕਾਤ ਦੀ ਜਾਣਕਾਰੀ ਟਵਿੱਟਰ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਮੁੱਖ ਮੰਤਰੀ ਨਾਲ ਦੋ ਤਸਵੀਰਾਂ ਦੀ ਸਾਂਝੀਆਂ ਕੀਤੀਆਂ ਹਨ।





