ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਝੋਨੇ ਦੀ ਖਰੀਦ ਦੀ ਮਿਤੀ ਨੂੰ ਬਦਲ ਦਿੱਤਾ ਗਿਆ ਹੈ। ਦੋਵਾਂ ਸੂਬਿਆਂ ਵਿੱਚ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ।
Also Read: ਡੇਂਗੂ ਕਾਰਨ ਮਲੋਟ ‘ਚ 8 ਸਾਲਾ ਬੱਚੀ ਦੀ ਮੌਤ
ਦੱਸ ਦਈਏ ਕਿ ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸਰਕਾਰ ਨੇ 11 ਅਕਤੂਬਰ ਤੋਂ ਝੋਨਾ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਦੋਵਾਂ ਸੂਬਿਆਂ ਦੇ ਕਿਸਾਨ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਸੀ।
ਸਰਕਾਰ ਨੇ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਫਸਲ ਵਿੱਚ ਉੱਚ ਨਮੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਤੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ। ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ। ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਹਾਲ ਹੀ ਵਿੱਚ ਮੀਂਹ ਪੈਣ ਕਾਰਨ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਤਾਜ਼ੀ ਆਮਦ ਵਿੱਚ ਨਮੀ ਦੀ ਮਾਤਰਾ ਮਨਜ਼ੂਰ ਸੀਮਾ ਤੋਂ ਵਧੇਰੇ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਸੀਐਮ ਚੰਨੀ ਅਤੇ ਪੀਐਮ ਮੋਦੀ ਦੇ ਵਿੱਚ ਮੁਲਾਕਾਤ ਲਗਭਗ ਇੱਕ ਘੰਟੇ ਤੱਕ ਚੱਲੀ। 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਸੀ।



