ਚੰਡੀਗੜ੍ਹ : ਬੇਰੁਜ਼ਗਾਰੀ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਅੱਜ ਹੱਲਾ ਬੋਲ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿਧਾਇਕ ਅੱਜ ਮੁੱਖ ਮੰਤਰੀ ਚੰਨੀ ਦੀ ਚੰਡੀਗੜ੍ਹ ਰਿਹਾਇਸ਼ ਦਾ ਘੇਰਾਓ ਕਰਨਗੇ। ਇਸ ਦਾ ਐਲਾਨ ਬੀਤੇ ਦਿਨ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਵਲੋਂ ਕੀਤਾ ਗਿਆ ਸੀ।
Also Read: ਜ਼ੀਕਾ ਵਾਇਰਸ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਦੀ ਐਡਵਾਈਜ਼ਰੀ, ਇੰਝ ਕਰੋ ਬਚਾਅ
ਬੀਤੇ ਦਿਨ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 13 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਕਿਉਂਕਿ ਚੰਨੀ ਸਰਕਾਰ ਨੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਛੱਡ ਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਸੂਬੇ ਦੇ ਭਖਵੇਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਇਜਲਾਸ ਦੌਰਾਨ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਗਿਆ ਅਤੇ ਪੱਤਰਕਾਰਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਿਆ ਗਿਆ। ਇਸ ਲਈ ਆਮ ਆਦਮੀ ਪਾਰਟੀ ਹੁਣ ਸੜਕ ‘ਤੇ ਆ ਕੇ ਪੰਜਾਬ ਦੇ ਮੁੱਦਿਆਂ ਨੂੰ ਪੱਤਰਕਾਰਾਂ ਅਤੇ ਲੋਕਾਂ ਸਾਹਮਣੇ ਰੱਖੇਗੀ।
ਇਸ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਫ਼ੇਲ੍ਹ ਕਰਾਰ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛਿਆ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਹਿੱਤਾਂ ਲਈ ਕੀ ਵਿਸ਼ੇਸ਼ ਕੀਤਾ ਹੈ? ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਚੰਨੀ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਨਾਂਅ ‘ਤੇ ਕੇਵਲ ਡਰਾਮਾ ਹੀ ਕੀਤਾ ਅਤੇ ਇਸ ਡਰਾਮੇ ‘ਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਹਨ।



