ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ ਨੂੰ ਚਿੱਠੀ ਲਿਖ ਕੇ 15 ਜੂਨ ਤੋਂ 15 ਅਕਤੂਬਰ ਤਕ 1000 ਮੈਗਾਵਾਟ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਚਿੱਠੀ ਵਿਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਵਿੱਚ 10 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਿਜਲੀ ਸੂਬੇ ਦੇ ਕਿਸਾਨਾਂ ਵੱਲੋਂ ਦੇਸ਼ ਵਾਸਤੇ ਪੈਦਾ ਕੀਤੇ ਜਾਂਦੇ ਝੋਨੇ ਲਈ ਬਿਜਲੀ ਸਪਲਾਈ ਵਾਸਤੇ ਬਹੁਤ ਜ਼ਰੂਰੀ ਹੈ।
ਮਾਨ ਨੇ ਕਿਹਾ ਕਿ ਇਸ ਵਾਰ ਬਿਜਲੀ ਦੀ ਮੰਗ 15500 ਮੈਗਾਵਾਟ ਤਕ ਜਾਣ ਦੀ ਸੰਭਾਵਨਾ ਹੈ। ਪੰਜਾਬ ਕੋਲ ਆਪਣੇ ਸਰੋਤਾਂ ਤੋਂ ਸਿਰਫ 6500 ਮੈਗਾਵਾਟ ਬਿਜਲੀ ਹੀ ਪੈਦਾ ਹੁੰਦੀ ਹੈ। ਇਸ ਲਈ ਵਾਧੂ ਬਿਜਲੀ ਦੀ ਲੋੜ ਹੈ। ਮੁੱਖ ਮੰਤਰੀ ਨੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਇਹ ਮੰਗ ਕੀਤੀ ਹੈ।
