ਚੰਡੀਗੜ੍ਹ : ਪੱਛਮੀ ਬੰਗਾਲ ਦੀ ਤਰਜ਼ ’ਤੇ ਪੰਜਾਬ ਸਰਕਾਰ ਵੀ ਮੁੱਖ ਮੰਤਰੀ ਨੂੰ ਯੂਨੀਵਰਸਿਟੀਆਂ ਦਾ ਚਾਂਸਲਰ ਬਣਾਉਣ ਦਾ ਬਿੱਲ ਲਿਆਏਗੀ। ਸੋਮਵਾਰ ਨੂੰ ਕੈਬਨਿਟ ਦੀ ਬੈਠਕ ’ਚ ਇਸ ਸਬੰਧੀ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫ਼ੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਬਿੱਲ ਪੱਛਮੀ ਬੰਗਾਲ ਸਰਕਾਰ ਵੱਲੋਂ ਬਣਾਏ ਗਏ ਬਿੱਲ ਦੀ ਤਰਜ਼ ’ਤੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਇਸ ਮਾਮਲੇ ’ਚ ਕਾਨੂੰਨੀ ਰਾਇ ਵੀ ਲਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੱਛਮੀ ਬੰਗਾਲ ’ਚ ਵੀ ਮੁੱਖ ਮੰਤਰੀ ਤੇ ਰਾਜਪਾਲ ਦਰਮਿਆਨ ਯੂਨੀਵਰਸਿਟੀ ਦੇ ਵੀਸੀ ਨੂੰ ਲਗਾਉਣ ਨੂੰ ਲੈ ਕੇ ਕਾਫ਼ੀ ਤਕਰਾਰ ਹੋਈ ਸੀ, ਜਿਸ ਕਾਰਨ ਮਮਤਾ ਬੈਨਰਜੀ ਸਰਕਾਰ ਨੇ ਇਕ ਬਿੱਲ ਪਾਸ ਕਰ ਕੇ ਰਾਜਪਾਲ ਦੀ ਜਗ੍ਹਾ ਮੁੱਖ ਮੰਤਰੀ ਨੂੰ ਰਾਜ ਸਰਕਾਰ ਵੱਲੋਂ ਚਲਾਈ ਜਾ ਰਹੀ ਯੂਨੀਵਰਸਿਟੀ ਦਾ ਚਾਂਸਲਰ ਬਣਾ ਦਿੱਤਾ ਹੈ।
