ਚੰਡੀਗੜ੍ਹ :ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਜਸਟਿਸ ਇੰਦੂ ਮਲਹੋਤਰਾ ਦੀ ਜਾਂਚ ਰਿਪੋਰਟ ’ਤੇ ਪੰਜਾਬ ਸਰਕਾਰ ਐਕਸ਼ਨ ਲੈਣ ਦੇ ਮਾਮਲੇ ਵਿਚ ਸਾਰੇ ਮੁਲਜ਼ਮ ਅਧਿਕਾਰੀਆਂ ਨੂੰ ਚਾਰਜਸ਼ੀਟ ਕਰੇਗੀ। ਮੁੱਖ ਸਕੱਤਰ ਵੀਕੇ ਜੰਜੂਆ ਨੇ ਇਸ ਮਾਮਲੇ ਵਿਚ ਮੁੱਖ ਮੰਤਰੀ ਤੋਂ ਕਾਰਵਾਈ ਦੀ ਇਜਾਜ਼ਤ ਲੈਣ ਲਈ ਫਾਈਲ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ ਕਿਉਂਕਿ ਮੌਕੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੂੰ ਛੱਡ ਕੇ ਬਾਕੀ ਸਾਰੇ ਅਧਿਕਾਰੀ ਪੁਲਿਸ ਨਾਲ ਹੀ ਸਬੰਧਤ ਹਨ, ਇਸ ਲਈ ਉਨ੍ਹਾਂ ਨੂੰ ਚਾਰਜਸ਼ੀਟ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਜਾਵੇਗੀ।
9 ਅਧਿਕਾਰੀਆਂ ਉੱਤੇ ਹੋਵੇਗੀ ਕਾਰਵਾਈ
ਜਸਟਿਸ ਇੰਦੂ ਮਲਹੋਤਰਾ ਨੇ ਛੇ ਮਹੀਨੇ ਪਹਿਲਾਂ ਆਪਣੀ ਰਿਪੋਰਟ ਸੁਪਰੀਮ ਕੋਰਟ ’ਚ ਜਮ੍ਹਾਂ ਕਰਵਾ ਦਿੱਤੀ ਸੀ ਜਿਸ ਵਿਚ 9 ਅਧਿਕਾਰੀਆਂ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਇਆ ਸੀ। ਰੱਖਿਆ ’ਚ ਕੁਤਾਹੀ ਦੇ ਮਾਮਲੇ ’ਚ ਸੁਪਰੀਮ ਕੋਰਟ ਦੀ ਜਾਂਚ ਕਮੇਟੀ ਨੇ ਪੰਜਾਬ ਦੇ ਮੌਕੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਸਾਬਕਾ ਪੁਲਿਸ ਡੀਜੀਪੀ ਸਿਧਾਰਥ ਚਟੋਪਾਧਿਆਏ ਤੋਂ ਇਲਾਵਾ ਏਡੀਜੀਪੀ ਨਰੇਸ਼ ਅਰੋੜਾ, ਜੀ ਨਾਗੇਸ਼ਵਰ ਰਾਵ ਏਡੀਜੀਪੀ ਸਾਈਬਰ ਕ੍ਰਾਈਮ, ਸੁਰਜੀਤ ਸਿੰਘ ਡੀਆਈਜੀ ਫਰੀਦਕੋਟ (ਹੁਣ ਸੇਵਾਮੁਕਤ), ਚਰਨਜੀਤ ਸਿੰਘ ਐੱਸਐੱਸਪੀ ਮੋਗਾ, ਰਾਕੇਸ਼ ਅਗਰਵਾਲ ਈਜੀ ਕਾਊਂਟਰ ਇੰਟੈਲੀਜੈਂਸ, ਇੰਦਰਬੀਰ ਸਿੰਘ ਡੀਆਈਜੀ ਫਿਰੋਜ਼ਪੁਰ, ਹਰਮਨਦੀਪ ਹੰਸ, ਐੱਸਐੱਸਪੀ ਫਿਰੋਜ਼ਪੁਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਕਾਰਵਾਈ ਦੀ ਰਿਪੋਰਟ ਤਲਬ
ਜ਼ਿਕਰਯੋਗ ਹੈ ਕਿ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਤੈਅ ਸੀ, ਫਿਰ ਵੀ ਐਸਐਸਪੀ ਨੂੰ ਦੋ ਘੰਟੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੇ ਉਸ ਰਸਤੇ ਤੋਂ ਲੰਘਣਾ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਦੋਸ਼ੀ ਅਧਿਕਾਰੀਆਂ ਖਿਲਾਫ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ।
5 ਜਨਵਰੀ 2022 ਦਾ ਮਾਮਲਾ
ਦੱਸ ਦੇਈਏ ਕਿ ਪਿਛਲੇ ਸਾਲ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਕਥਿਤ ਕਿਸਾਨ ਅੰਦੋਲਨਕਾਰੀਆਂ ਨੇ ਹੁਸੈਨੀਵਾਲਾ ਫਲਾਈਓਵਰ ‘ਤੇ ਪੀਐਮ ਮੋਦੀ ਦੇ ਕਾਫ਼ਲੇ ਨੂੰ ਅੱਗੇ ਨਹੀਂ ਜਾਣ ਦਿੱਤਾ। ਪੀਐਮ ਮੋਦੀ ਨੂੰ ਕਰੀਬ 20 ਮਿੰਟ ਤੱਕ ਉਸੇ ਫਲਾਈਓਵਰ ‘ਤੇ ਰੁਕਣਾ ਪਿਆ ਅਤੇ ਪੀਐਮ ਮੋਦੀ ਨੂੰ ਆਪਣਾ ਪ੍ਰੋਗਰਾਮ ਰੱਦ ਕਰਕੇ ਏਅਰਪੋਰਟ ਪਰਤਣਾ ਪਿਆ।

