ਇੱਕ ਸਾਲ ‘ਚ ਹੁਣ ਤੱਕ 27,042 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਭਗਵੰਤ ਮਾਨ

ਚੰਡੀਗੜ੍ਹ:  ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ…

ਚੰਡੀਗੜ੍ਹ:  ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ “ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।”

 

ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੁਣ ਤੱਕ 27,042 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਸਮਾਰੋਹਾਂ ਦਾ ਗਵਾਹ ਬਣ ਚੁੱਕਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਇਹ ਵਚਨਬੱਧਤਾ ਝਲਕਦੀ ਹੈ ਕਿ ਉਹ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। 

ਮੁੱਖ ਮੰਤਰੀ ਨੇ ਸਿੱਖਿਆ ਸਰਵਿਸ ਪ੍ਰੋਵਾਈਡਰਾਂ ਦੀਆਂ ਚਿੰਤਾਵਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਠੇਕੇ ਉਤੇ ਭਰਤੀ ਦੀ ਪ੍ਰਣਾਲੀ ਨੂੰ ਖ਼ਤਮ ਕਰ ਕੇ ਜਲਦੀ ਉਨ੍ਹਾਂ ਦੀ ਤਨਖ਼ਾਹ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ, ਜਿਸ ਕਾਰਨ ਉਹ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਪੱਟੀ ਹਵਾਈ ਜਹਾਜ਼ ਦੀ ਆਰਾਮਾਇਕ ਉਡਾਣ ਲਈ ਸਹਾਇਕ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦਗਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਖ਼ੁਦ ਆਪਣੀ ਪਛਾਣ ਅਤੇ ਸਥਾਨ ਬਣਾਉਣ ਲਈ ਜਦੋ-ਜਹਿਦ ਕਰਨ।  

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਧਾਰਮਿਕ ਲੀਹਾਂ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਪੂ ਬਣੇ ਧਰਮ ਦੇ ਆਗੂਆਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਕਰਕੇ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ।

Leave a Reply

Your email address will not be published. Required fields are marked *