ਗੁਰਦਾਸਪੁਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਜੰਮੂ ਵਿਖੇ ਲਿੰਗ ਨਿਰਧਾਰਤ ਕਰਨ ਵਾਲੇ ਅਲਟਰਾਸਾਊਂਡ ਸਕੈਨਿੰਗ ਸੈਂਟਰ ਦਾ ਪਰਦਾਫਾਸ਼ ਕੀਤਾ ਗਿਆ ਹੈ। ਜ਼ਿਲ੍ਹੇ ਵਿਚ ਘੱਟ ਰਹੇ ਲਿੰਗ ਅਨੁਪਾਤ ਤੋਂ ਚਿੰਤਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਿਹਤ ਵਿਭਾਗ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਲਿੰਗ ਨਿਰਧਾਰਨ ਕਰਨ ਵਾਲੇ ਅਲਟਰਾਸਾਊਂਡ ਸਕੈਨਿੰਗ ਸੈਂਟਰਾਂ ਦੀ ਛਾਪੇਮਾਰੀ ਕਰ ਕੇ ਇਹ ਪਤਾ ਲਗਾਇਆ ਜਾਵੇ ਕਿ ਕਿਹੜਾ ਸਕੈਨਿੰਗ ਸੈਂਟਰ ਇਹ ਅਣ-ਮਨੁੱਖੀ ਕਾਰਾ ਕਰ ਰਿਹਾ ਹੈ ਤਾਂ ਜੋ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਦੋਂ ਸਿਹਤ ਵਿਭਾਗ ਦੀ ਟੀਮ ਨੇ ਪੂਰੇ ਜ਼ਿਲ੍ਹੇ ਵਿਚ ਚੈਕਿੰਗ ਅਭਿਆਨ ਚਲਾਇਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਜੰਮੂ ਸ਼ਹਿਰ ਵਿਚ ਇਕ ਅਲਟਰਾਸਾਊਂਡ ਸਕੈਨਿੰਗ ਸੈਂਟਰ ਲਿੰਗ ਨਿਰਧਾਰਨ ਟੈਸਟ ਕਰਦਾ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਤੋਂ ਕਈ ਗਰਭਵਤੀ ਔਰਤਾਂ ਉਥੇ ਜਾ ਕੇ ਇਹ ਟੈਸਟ ਕਰਵਾਉਂਦੀਆਂ ਹਨ। ਇਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਇਸ ਅਲਟਰਾਸਾਊਂਡ ਸਕੈਨਿੰਗ ਸੈਂਟਰ ਦਾ ਪਰਦਾਫਾਸ਼ ਕਰਨ ਲਈ ਜਾਲ ਵਿਛਾਉਣਾ ਸ਼ੁਰੂ ਕਰ ਦਿੱਤਾ।
