ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥
ਵਿਆਖਿਆ : ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧।
