ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨਾਂ ਮੌਕੇ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਦਾਸ ਜੀ ਦੀ ਵਾਰ ਅਧਾਰਿਤ ਸ਼ਬਦ ਕਲਿ ਤਾਰਣ ਗੁਰੁ ਨਾਨਕ ਆਇਆ ਦੀ ਸੀ.ਡੀ. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਇਥੇ ਜਾਰੀ ਕੀਤੀ ਗਈ। ਇਹ ਸ਼ਬਦ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਵੱਲੋਂ ਗਾਇਆ ਗਿਆ ਹੈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼ਬਦ ਦੀ ਸੀ.ਡੀ. ਜਾਰੀ ਕਰਨ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਬਦ ਗਾਇਨ ਕਰਨ ਦੀ ਸੇਵਾ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਸਾਰੇ ਸਮਾਗਮਾਂ, ਨਗਰ ਕੀਰਤਨਾਂ ਆਦਿ ਦੌਰਾਨ ਚਲਾਇਆ ਜਾਵੇਗਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਸਾਲਾ ਗੁਰਤਾਗੱਦੀ ਦਿਵਸ ਮੌਕੇ ਗਾਈ ਧੁਨ 300 ਸਾਲ ਗੁਰੂ ਦੇ ਨਾਲ ਵਾਂਗ ਹੀ ਇਹ ਸ਼ਬਦ ਵੀ ਪ੍ਰਸਿੱਧੀ ਹਾਸਲ ਕਰੇਗਾ।
Watch Video
