ਚੰਡੀਗੜ੍ਹ: ਹਰਿਆਣਾ ਅਤੇ ਪੰਜਾਬ ਦੀਆਂ 16 ਕਿਸਾਨ ਯੂਨੀਅਨਾਂ ਨੇ ਅੱਜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਪੁਲਿਸ-ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਆ ਗਏ ਹਨ। ਪੁਲਿਸ ਨੇ ਸੋਮਵਾਰ ਨੂੰ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਇੱਕ ਦਿਨ ਪਹਿਲਾਂ ਅੰਬਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਅੰਬਾਲਾ ਤੋਂ ਵੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਮੋਹਾੜੀ ਸਮੇਤ ਕਈ ਕਿਸਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੂਜੇ ਪਾਸੇ ਕਿਸਾਨਾਂ ਨੇ ਵਾਅਦਾਖ਼ਿਲਾਫ਼ੀ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਅੱਜ ਸ਼ੰਭੂ ਬਾਰਡਰ ‘ਤੇ ਇਕੱਠੇ ਹੋਣਗੇ ਅਤੇ ਟਰੈਕਟਰ-ਟਰਾਲੀਆਂ ਲੈ ਕੇ ਚੰਡੀਗੜ੍ਹ ਵੱਲ ਮਾਰਚ ਕਰਨਗੇ ਪਰ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ।

