ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹ ਵਿੱਚ 10 ਨਵੰਬਰ ਨੂੰ 550 ਸਿੱਖ ਸਖਸ਼ੀਅਤਾਂ ਅਤੇ ਨਾਨਕ ਨਾਮ ਲੇਵਾ ਸਖਸ਼ੀਅਤਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਸਨਮਾਣ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਬੀਤੇ ਦਿਨੀ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੀ।
ਇਹ ਸਮਾਗਮ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪਰਵ ‘ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦਾ ਮੁੱਖ ਹਿੱਸਾ ਹੋਵੇਗਾ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ, ਇਸ ਸਮਾਗਮ ਦਾ ਉਦੇਸ਼ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਉਦਾਸੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਸਮੂਹਾ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮੁੱਚੀਆਂ ਧਾਰਮਿਕ ਰਸਮਾਂ ਅਨੁਸਾਰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਦੌਰਾਨ, ਉਨ੍ਹਾਂ 550 ਨਾਮਵਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਆਪਣੇ-ਆਪਣੇ ਖੇਤਰ ਵਿੱਚ ਸਫਲਤਾ ਨੂੰ ਛੂਹਿਆ ਹੈ।
ਐਮਰਜੈਂਸੀ ਨਾਲ ਨਜਿੱਠਣ ਲਈ ਕੀਤੇ ਪੁਖਤਾ ਪ੍ਰਬੰਧ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਮੌਕੇ, ਲੱਖਾਂ ਦੀ ਗਿਣਤੀ ਵਿਚ ਪਹੁੰਚਣ ਵਾਲੀ ਸੰਗਤਾ ਲਈ ਸੁਰੱਖਿਆ ਨੂੰ ਮਜ਼ਬੂਤ ਬਣਾਉਂਦਿਆਂ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਸੰਗਤਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਨੈਸ਼ਨਲ ਆਪਦਾ ਪ੍ਰਬੰਧਨ ਅਥਾਰਟੀ ਦੇ ਕੋ-ਆਰਡੀਨੇਟਰ ਬ੍ਰਿਗੇਡੀਅਰ ਕੁਲਦੀਪ ਸਿੰਘ ਵੱਲੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਐਨ.ਡੀ.ਆਰ.ਐਫ., ਪੰਜਾਬ ਪੁਲਿਸ, ਸਿਹਤ ਵਿਭਾਗ, ਫਾਇਰ ਕੰਟਰੋਲ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਬ੍ਰਿਗੇਡੀਅਰ ਕੁਲਦੀਪ ਸਿੰਘ ਨੇ ਦੱਸਿਆ ਕਿ, ਪ੍ਰਸ਼ਾਸਨ ਵੱਲੋਂ 50 ਲੱਖ ਤੋਂ ਵੱਧ ਸੰਗਤ ਦੇ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ, ਜਿਸ ਕਾਰਨ ਵੱਜੋਂ ਇਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਵੱਲ ਵੱਧ ਤੋਂ ਵੱਧ ਧਿਆਨ ਦੇਣ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ, ਗੁਰੂਦੁਆਰਾ ਸੰਤ ਘਾਟ ਤੋਂ ਬੁਸੋਵਾਲ ਮੋੜ ਤੱਕ, ਕਾਲੀ ਵੇਈਂ 4 ਕਿਲੋਮੀਟਰ ਦੀ ਦੂਰੀ ‘ਤੇ ਹੈ ਅੱਤੇ ਵੱਡੀ ਗਿਣਤੀ ਵਿਚ ਸੰਗਤ ਵੇਈਂ ਦੇ ਦੋਵੇਂ ਪਾਸੇ ਮੌਜੂਦ ਹੋਣਗੇ। ਇਸ ਨੂੰ ਧਿਆਨ ‘ਚ ਰੱਖਦਿਆਂ ਸੰਗਤ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 150 ਗੋਤਾਖੋਰਾਂ ਅਤੇ ਤੈਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਨਾਲ ਹੀ ਪਿੰਡ ਜੱਬੋਵਾਲ ਵਿਖੇ ਇਮਾਰਤ ਨੂੰ ਢਾਹੁੰਣ ਅਤੇ ਮਲਬੇ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ, ਮੁੱਢਲੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲਾਂ ਵਿੱਚ ਭੇਜਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ।


