ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਮੰਗ ਕੀਤੀ ਹੈ ਕਿ, ਸਿੱਖਾਂ ਦੇ ਬਾਕੀ ਗੁਰੂ ਧਾਮ ‘ਚ ਵੀ ਮੱਥਾ ਟੇਕਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੁੱਦੇ ਉੱਤੇ ਪਾਕਿਸਤਾਨ ਨਾਲ ਗੱਲ ਕਰਨ ਦੀ ਬੇਨਤੀ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਵੱਲੋਂ ਆਯੋਜਿਤ ਮੁੱਖ ਇਕੱਠ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਹਾਜ਼ਰੀ ਵਿੱਚ ਇੱਕ ਹੋਰ ਅਹਿਮ ਐਲਾਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਸੱਚੀ ਭਾਵਨਾ ਨਾਲ ਸੇਵਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਪ੍ਰਕਾਸ਼ ਪੁਰਬ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਇਸ ਇਤਿਹਾਸਕ ਮੌਕੇ ‘ਤੇ 550 ਕੈਦੀਆਂ ਨੂੰ ਰਿਹਾ ਕਰਨ ਦਾ ਫੈਸਲਾ ਵੀ ਸੁਣਾਇਆ ਸੀ। 450 ਕੈਦੀਆਂ ਨੂੰ ਮੰਗਲਵਾਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੋ ਬਾਕੀ ਕੈਦੀਆਂ ਨੂੰ ਅਗਲੇ ਕੁਝ ਮਹੀਨਿਆਂ ਵਿੱਚ ਰਿਹਾ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਦਾ ਜ਼ਿਕਰ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ, ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਇਨ੍ਹਾਂ ਸਮਾਗਮਾਂ ‘ਚ ਹਿੱਸਾ ਲਿਆ। ਪਹਿਲੇ ਪਾਤਸ਼ਾਹੀ ਨੂੰ ਸੱਚੀ ਸ਼ਰਧਾਂਜਲੀ ਦੇਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਮੁੱਖ ਮੰਤਰੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਆਗਿਆ ਦੇਣ ਲਈ ਧੰਨਵਾਦ ਕੀਤਾ। ਨਾਲ ਹੀ ਇਹ ਉਮੀਦ ਵੀ ਕੀਤੀ ਕਿ, ਛੇਤੀ ਹੀ ਭਾਰਤੀ ਸ਼ਰਧਾਲੂਆਂ ਨੂੰ ਹੋਰ ਪਾਕਿ ਯਾਤਰਾਵਾਂ ਦੇ ਦਰਸ਼ਨ ਕਰਨ ਦੀ ਆਗਿਆ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸ੍ਰੀ ਨਨਕਾਣਾ ਸਾਹਿਬ ਵਰਗੇ ਧਾਰਨਮਿਕ ਧਾਮ ਦੇ ਦਰਸ਼ਨ ਕਰਨ ਦੀ ਆਗਿਆ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਮੁੱਦਾ ਪਾਕਿਸਤਾਨ ਅੱਗੇ ਚੁੱਕਣ ਦੀ ਬੇਨਤੀ ਕਰਨਗੇ।
ਵਾਤਾਵਰਣ ਨੂੰ ਸੁਰੱਖਿਅਤ ਕਰਨ ਦੀ ਕੀਤੀ ਅਪੀਲ
ਮੁੱਖ ਮੰਤਰੀ ਪੰਜਾਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਉਦੇਸ਼ ਦਰਸਾਉਂਦੀਆਂ ਹੋਏ ਸਾਰਿਆਂ ਨੂੰ ਵਾਤਾਵਰਣ ਨੂੰ ਸੁਰੱਖਿਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ, ਪਰਾਲੀ ਸਾੜਨ ਕਾਰਨ ਵਾਤਾਵਰਣ ਨੂੰ ਨੁਕਸਾਨ ਪਹੁੰਚ ਰਿਹਾ ਹੈ, ਜੇਕਰ ਅਸੀਂ ਇਵੇਂ ਹੀ ਪਾਣੀ ਦੀ ਦੁਰਵਰਤੋਂ ਕਰਦੇ ਰਹੇ, ਤਾਂ ਅੱਜ ਤੋਂ ਵੀਹ ਸਾਲਾਂ ਬਾਅਦ ਪੰਜਾਬ ਉਜਾੜ ਬਣ ਜਾਵੇਗਾ। ਹਰੇਕ ਨੂੰ ਕੁਦਰਤੀ ਸਰੋਤਾਂ ਦੀ ਵਰਤੋਂ ਕਰਦਿਆਂ ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵੱਲ ਧਿਆਨ ਦੇਣ ਦੀ ਲੋੜ ਹੈ।
ਕਈ ਨਵੇਂ ਪ੍ਰੋਜੈਕਟਾਂ ਦੀ ਸ਼ੁਰੂ ਕੀਤੀ ਉਸਾਰੀ
ਕੈਪਟਨ ਅਮਰਿੰਦਰ ਸਿੰਘ ਨੇ ਰਾਜ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਲਾਗੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਵਿਚ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਮੁਢਲੇ ਬੁਨਿਆਦੀ ਢਾਂਚੇ ਦਾ ਵਿਕਾਸ, ਕੇਂਦਰ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਜੋਂ ਬਣਾਉਣ ਅਤੇ ਹੋਰ ਕਈ ਲੋਕ ਭਲਾਈ ਪ੍ਰੋਜੈਕਟਾਂ ਬਾਰੇ ਦੱਸਿਆ।


