ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- 1 ਜਨਵਰੀ 2020 ਜਿੱਥੇ ਪੂਰਾ ਦੇਸ਼ ਨਵੇਂ ਸਾਲ ਦੀ ਧੂਮ ਮਨਾ ਰਿਹਾ ਹੈ। ਉੱਥੇ ਹੀ ਅੱਜ ਦੇ ਦਿਨ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮ੍ਰਿਤਸਰ ਦੇ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਪੰਜਾ ਪਿਆਰਿਆਂ ਦੀ ਅਗਵਾਈ ਹੇਠ ਇਸ ਨਗਰ ਕੀਰਤਨ ਦੀ ਰਵਾਨਗੀ ਹੋਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੇ ਅਰਦਾਸ ਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਅਰਪਿਤ ਕੀਤੀ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।
ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਸ ਨਗਰ ਕੀਰਤਨ ਦਾ ਹਿੱਸਾ ਬਣੀ। ਸਤਿਨਾਮ ਵਾਹਿਗੁਰੂ ਦੇ ਜਾਪ ਨੇ ਇਸ ਦੌਰਾਨ ਆਲੌਕਿਕ ਮਾਹੌਲ ਪੈਦਾ ਕਰ ਦਿੱਤਾ। ਗਤਕਾ ਅਖਾੜਿਆਂ ਦੇ ਜ਼ੌਹਰ ਨੇ ਖ਼ਾਲਸਈ ਮਾਹੌਲ ਬੰਨਿਆ। ਨਗਰ ਕੀਰਤਨ ਪੂਰੇ ਸ਼ਹਿਰ ‘ਚ ਘੁੰਮਦਾ ਹੋਇਆ ਵਾਪਸ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇਗਾ।


