ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦੀ ਸੰਖਿਆਂ ਨਿਰੰਤਰ ਵੱਧਦੀ ਜਾ ਰਹੀ ਹੈ। ਬੀਤੇ ਬੁੱਧਵਾਰ ਨੂੰ ਹੀ ਕੋਰੋਨਾ ਵਾਇਰਸ ਨਾਲ 200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 14 ਹਜ਼ਾਰ ਤੋਂ ਵੱਧ ਨਵੇਂ ਕੇਸ ਸਹਾਮਣੇ ਆਏ ਹਨ।
ਜਾਣਕਾਰੀ ਅਨੁਸਾਰ ਚੀਨ ਦੇ ਹੁਬੇਈ ਸੂਬੇ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਨਾਲ ਪੀੜਤ 242 ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਹਨ ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1357 ਹੋ ਗਈ ਹੈ। ਦੂਜੇ ਪਾਸੇ ਕੋਰੋਨਾ ਵਾਇਰਸ ਦੀ ਲਾਗ ਲੱਗਣ ਵਾਲੇ 14,840 ਨਵੇਂ ਕੇਸ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 48,206 ਹੋ ਚੁੱਕੀ ਹੈ।
ਚੀਨ ਨੂੰ ਮਿਲਾ ਕੇ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਹੁਣ ਤੱਕ 60 ਹਜ਼ਾਰ ਨੂੰ ਵੀ ਪਾਰ ਕਰ ਗਈ ਹੈ। ਇਹ ਡਰਾਉਣ ਵਾਲੇ ਅੰਕੜੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਉੱਥੇ ਹੀ ਚੀਨ ਵਿਚ 3,441 ਮਰੀਜ਼ਾਂ ਦੀ ਸਿਹਤ ਵਿਚ ਸੁਧਾਰ ਹੋਣ ਉੱਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਮਿਲ ਚੁੱਕੀ ਹੈ।
ਦੱਸ ਦਈਏ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਸੀ ਜਿਸ ਨੇ ਚੀਨ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਵਿਚ ਪੈਰ ਜਮਾ ਲਏ ਹਨ। ਚੀਨ ਵਿਚ ਨਿੱਤ ਨਵੇਂ ਦਿਨ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਵੱਧ ਰਹੀ ਸੰਖਿਆਂ ਇਕ ਮੁਸਿਬਤ ਦਾ ਪਹਾੜ ਬਣਦੀ ਜਾ ਰਹੀ ਹੈ ਕਿਉਂਕਿ ਇਸ ਨਾਲ ਚੀਨ ਵਿਚ ਮੈਡੀਕਲ ਉਪਕਰਨਾਂ ਦੀ ਵੀ ਕਮੀ ਹੋ ਰਹੀ ਹੈ। ਕੋਰੋਨਾ ਵਾਇਰਸ ਤੋਂ ਬੱਚਣ ਲਈ ਪਾਏ ਜਾਣ ਵਾਲੇ ਕੱਪੜੇ ਅਤੇ ਮਾਸਕਾਂ ਦੀ ਕਿੱਲਤ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


