ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆ ਕਿਹਾ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਸੀਬੀਆਈ ਨਹੀਂ ਬਲਕਿ ਪੰਜਾਬ ਪੁਲਿਸ ਹੀ ਕਰੇਗੀ। ਇਸ ਤੋਂ ਪਹਿਲਾਂ ਹਾਈਕੋਰਟ ਨੇ ਵੀ ਸੀਬੀਆਈ ਨੂੰ ਝਟਕਾ ਦਿੰਦਿਆ ਬਰਗਾੜੀ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤੀ ਸੀ ਜਿਸ ਤੋਂ ਬਾਅਦ ਸੀਬੀਆਈ ਸੁਪਰੀਮ ਕੋਰਟ ਚੱਲੀ ਗਈ ਸੀ ਪਰ ਹੁਣ ਸੁਪਰੀਮ ਕੋਰਟ ਨੇ ਵੀ ਸੀਬੀਆਈ ਦੇ ਵਿਰੁੱਧ ਫ਼ੈਸਲਾ ਸੁਣਾਇਆ ਹੈ।
ਦਰਅਸਲ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਜਾਂਚ ਨੂੰ ਉਸ ਸਮੇਂ ਦੀ ਅਕਾਲੀ- ਭਾਜਪਾ ਸਰਕਾਰ ਨੇ ਸੀਬੀਆਈ ਹਵਾਲੇ ਕਰ ਦਿੱਤਾ ਸੀ ਪਰ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੇ ਸਦਨ ਦੀ ਸਹਿਮਤੀ ਨਾਲ ਇਹ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਪੰਜਾਬ ਪੁਲਿਸ ਹਵਾਲੇ ਕਰ ਦਿੱਤੀ ਸੀ ਜਿਸ ਦੇ ਵਿਰੋਧ ਵਿਚ ਸੀਬੀਆਈ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।
ਸੁਪਰੀਮ ਕੋਰਟ ਦੇ ਫ਼ੈਸਲੇ ਦੀ ਜਾਣਕਾਰੀ ਬਕਾਇਦਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਦਿੱਤੀ ਅਤੇ ਦੱਸਿਆ ਕਿ ਸੀਬੀਆਈ ਇਹ ਕੇਸ ਸੁਪਰੀਮ ਕੋਰਟ ਵਿਚ ਵੀ ਹਾਰ ਚੁੱਕੀ ਹੈ ਅਤੇ ਹੁਣ ਜਾਂਚ ਪੰਜਾਬ ਪੁਲਿਸ ਦੇ ਹਵਾਲੇ ਆ ਗਈ ਹੈ ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਵਿਚ ਤੇਜੀ ਲਿਆਈ ਜਾਵੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੀਬੀਆਈ ਨੇ ਬਰਗਾੜੀ ਮਾਮਲੇ ਦੀ ਜਾਂਚ ਬੰਦ ਕਰਨ ਨੂੰ ਲੈ ਕੇ ਮੁਹਾਲੀ ਦੀ ਕੋਰਟ ਵਿਚ ਕਲੋਜਰ ਰਿਪੋਰਟ ਵੀ ਦਾਖਲ ਕਰ ਦਿੱਤੀ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਕਲੋਜ਼ਰ ਰਿਪੋਰਟ ਨੂੰ ਚੁਣੋਤੀ ਦੇ ਦਿੱਤੀ ਸੀ।


