ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦਿੱਲੀ ਹਿੰਸਾ ਵਿਚ ਹੁਣ ਤੱਕ 24 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 200 ਤੋਂ ਜਿਆਦਾ ਲੋਕ ਹਿੰਸਾ ਦੌਰਾਨ ਜਖਮੀ ਹੋ ਚੁੱਕੇ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਇਸ ਪੂਰੀ ਹਿੰਸਾ ਵਿਚ ਦਿੱਲੀ ਪੁਲਿਸ ਦੇ ਕਈ ਜਵਾਨ ਜਖਮੀ ਵੀ ਹੋਏ ਹਨ ਜਦਕਿ ਇਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਹੈ ਜਿਸ ਦੇ ਲਈ ਸਰਕਾਰ ਨੇ ਹੁਣ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਦਿੱਲੀ ਅਤੇ ਕੇਂਦਰ ਸਰਕਾਰ ਦੁਆਰਾ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਨੂੰ ਵਿਧਾਨ ਸਭਾ ਵਿਚ ਜਾਣਕਾਰੀ ਦਿੱਤੀ ਹੈ ਕਿ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ ਦਿੱਲੀ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜਦਕਿ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰ ਨੌਕਰੀ ਦਿੱਤੀ ਜਾਵੇਗੀ।
ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਨਫਰਤ ਅਤੇ ਦੰਗਿਆਂ ਦੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦਿੱਲੀ ਦੇ ਆਮ ਲੋਕਾਂ ਦੇ ਨਾਲ ਹਮੇਸ਼ਾ ਖੜੀ ਹੈ ਅਤੇ ਰਾਜਧਾਨੀ ਦੀ ਸ਼ਾਂਤੀ ਲਈ ਜਰੂਰੀ ਕਦਮ ਚੁੱਕੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕ ਹਿੰਸਾ ਨਹੀਂ ਚਾਹੁੰਦੇ ਹਨ ਇਹ ਹਿੰਸਾ ਸਮਾਜ ਵਿਰੋਧੀ ਅਨਸਰਾ ਦੁਆਰਾ ਫੈਲਾਈ ਗਈ ਹੈ। ਦਿੱਲੀ ਦਾ ਹਿੰਦੂ-ਮੁਸਲਮਾਨ ਲੜਾਈ ਨਹੀਂ ਚਾਹੁੰਦਾ ਹੈ ਇਹ ਬਾਹਰੀ ਤੱਤਾਂ ਦਾ ਕੰਮ ਹੈ।
ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਅਤੇ ਸਮੱਰਥਨ ਵਿਚ ਪ੍ਰਦਰਸ਼ਨ ਕਰ ਰਹੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ ਸੀ ਜਿਸ ਤੋਂ ਬਾਅਦ ਇਸ ਨੇ ਹਿੰਸਕ ਰੂਪ ਧਾਰਨ ਕਰ ਲਿਆ ਸੀ। ਹਿੰਸਾ ਕਰਨ ਵਾਲਿਆਂ ਨੇ ਦੁਕਾਨਾਂ, ਘਰਾਂ ਅਤੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਸੀ। ਹਿੰਸਾ ਦੌਰਾਨ ਇਕ ਵਿਅਕਤੀ ਸ਼ਰੇਆਮ ਫਾਇਰਿੰਗ ਕਰਦਾ ਵੀ ਦਿਖਾਈ ਦਿੱਤਾ ਸੀ ਜਿਸ ਨੂੰ ਪੁਲਿਸ ਨੇ ਗਿਰਫਤਾਰ ਕਰ ਲਿਆ ਹੈ। ਖੈਰ ਹੁਣ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਿੰਸਾ ਉੱਤੇ ਕਾਬੂ ਪਾ ਲਿਆ ਗਿਆ ਅਤੇ ਸਥਿਤੀ ਨਿਯੰਤਰਨ ਵਿਚ ਹੈ। ਪੁਲਿਸ ਨੇ ਦੱਸਿਆ ਹੈ ਕਿ ਵੱਡੀ ਸੰਖਿਆ ਵਿਚ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਦੀਆਂ ਕੰਪਨੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।


