ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਸਰਕਾਰ ਆਉਣ ਵਾਲੀ 28 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਵਰ੍ਹੇ 2020-21 ਦਾ ਬਜਟ ਪੇਸ਼ ਕਰੇਗੀ ਪਰ ਬਜਟ ਤੋਂ ਪਹਿਲਾਂ ਹੀ ਸੂਬੇ ਦੇ ਕਿਸਾਨਾਂ ਨੇ ਕਹਿ ਦਿੱਤਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੇ ਇਸ ਬਜਟ ਤੋਂ ਕੋਈ ਵੀ ਉਮੀਦ ਨਹੀਂ ਹੈ ਕਿਉਂਕਿ ਸਰਕਾਰ ਨੇ ਹੁਣ ਤੱਕ ਉਨ੍ਹਾਂ ਦੀਆਂ ਮੰਗਾ ਅਨਸੁੰਨੀਆਂ ਹੀ ਕੀਤੀਆਂ ਹਨ।
ਕੇਂਦਰ ਸਰਕਾਰ ਦੇ ਬਜਟ ਤੋਂ ਅਸੰਤੁਸ਼ਟ ਰਹਿਣ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਬਜਟ ਤੋਂ ਵੀ ਕੁੱਝ ਖਾਸ ਉਮੀਦ ਨਜ਼ਰ ਨਹੀਂ ਆ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ 3 ਸਾਲਾਂ ਤੋਂ ਕਾਂਗਰਸ ਦੀ ਸਰਕਾਰ ਸੱਤਾ ਵਿਚ ਆਈ ਹੋਈ ਹੈ ਪਰ ਅਜੇ ਤੱਕ ਉਨ੍ਹਾਂ ਨੇ ਸੂਬੇ ਦੇ ਸਾਰੇ ਕਿਸਾਨਾਂ ਦੀ ਪੂਰਾ ਕਰਜ਼ ਮਾਫ ਨਹੀਂ ਕੀਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਲਾਗੂ ਨਹੀਂ ਕਰਦੀ ਹੈ ਉਦੋਂ ਤੱਕ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਨੂੰ ਜੀਰੋ ਫੀਸਦੀ ਵਿਆਜ ਦਰ ਉੱਤੇ ਕਰਜਾ ਦੇਣਾ ਚਾਹੀਦਾ ਹੈ।
ਕਿਸਾਨਾਂ ਦਾ ਕਹਿਣਾ ਸੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿਚ ਕੋਈ ਖੇਤੀ ਨੀਤੀ ਨਹੀਂ ਲਿਆਈ ਗਈ ਹੈ ਅਤੇ ਨਾ ਉਨ੍ਹਾਂ ਨੂੰ ਫ਼ਸਲਾਂ ਦਾ ਪੂਰਾ ਮੁੱਲ ਦਿੱਤਾ ਜਾ ਰਿਹਾ ਹੈ। ਕਿਸਾਨਾਂ ਅਨੁਸਾਰ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਹੈ ਅਤੇ ਕੇਵਲ ਵਾਅਦੇ ਹੀ ਕੀਤੇ ਹਨ ਪਰ ਜ਼ਮੀਨੀ ਪੱਧਰ ਉੱਤੇ ਕੋਈ ਸਹੂਲਤ ਨਹੀਂ ਦਿੱਤੀ ਹੈ ਇਸ ਲਈ ਉਨ੍ਹਾਂ ਨੂੰ ਇਸ ਬਜਟ ਤੋਂ ਕੋਈ ਵੀ ਉਮੀਦ ਨਹੀਂ ਹੈ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਤਰੀਕ ਤੋਂ ਜਾਰੀ ਹੈ ਜੋ ਕਿ 4 ਮਾਰਚ ਤੱਕ ਚੱਲੇਗਾ ਅਤੇ 28 ਫਰਵਰੀ ਨੂੰ ਸੂਬਾ ਸਰਕਾਰ ਦੁਆਰਾ ਬਜਟ ਪੇਸ਼ ਕੀਤਾ ਜਾਵੇਗਾ। ਖੈਰ ਹੁਣ ਵੇਖਣਾ ਹੋਵੇਗਾ ਕਿ ਇਸ ਬਜਟ ਵਿਚ ਸਰਕਾਰ ਕਿਸਾਨਾਂ ਦੇ ਲਈ ਕੀ ਲੈ ਕੇ ਆਉਂਦੀ ਹੈ।


