ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਰਾਜਧਾਨੀ ਦਿੱਲੀ ਦੇ ਉੱਤਰ-ਪੂਰਬੀ ਇਲਾਕਿਆਂ ਵਿਚ ਵਾਪਰੀ ਹਿੰਸਾ ਤੋਂ ਬਾਅਦ ਉੱਥੇ ਦੇ ਹਲਾਤਾਂ ਦਾ ਜਾਇਜਾ ਲੈਣ ਅਤੇ ਹਿੰਸਾ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਨੇ ਆਪਣੀ ਇਕ ਸਬ ਕਮੇਟੀ ਦਾ ਗਠਨ ਕੀਤਾ ਹੈ ਜਿਸਦੀ ਜਾਣਕਾਰੀ ਇਕ ਪ੍ਰੈਸ ਨੋਟ ਜਾਰੀ ਕਰਕੇ ਦਿੱਤੀ ਗਈ ਹੈ।
ਪ੍ਰੈਸ ਨੋਟ ਵਿਚ ਦੱਸਿਆ ਗਿਆ ਹੈ ਕਿ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੇ ਖਰਾਬ ਹੋਏ ਹਲਾਤਾਂ ਨੂੰ ਵੇਖਦੇ ਹੋਏ ਛੇ ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਹਿੰਸਾ ਪ੍ਰਭਾਵਿਤ ਇਲਕਾਇਆਂ ਦਾ ਦੌਰਾ ਕਰਕੇ ਜਰੂਰਤਮੰਦਾਂ ਦੀ ਪੰਥਕ ਸੰਸਥਾਵਾਂ ਤੋਂ ਸਹਿਯੋਗ ਲੈ ਕੇ ਮਦਦ ਕਰੇਗੀ ਅਤੇ ਦੋਹਾਂ ਧੀਰਾਂ ਵਿਚ ਸ਼ਾਂਤੀ ਬਣਾਈ ਰੱਖਣ ਦਾ ਉਪਰਾਲਾ ਵੀ ਕਰੇਗੀ। ਇਸ ਤੋਂ ਇਲਾਵਾ ਇਹ ਕਮੇਟੀ ਹਿੰਸਾ ਦੌਰਾਨ ਸਿੱਖਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈ ਕੇ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਭੇਜੇਗੀ।
ਇਸ ਕਮੇਟੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ, ਪਟਿਆਲਾ ਯੂਨੀਵਰਸਿਟੀ ਦੇ ਸਾਬਕਾ ਵਾਇਸ ਚਾਂਸਲਰ ਜਸਪਾਲ ਸਿੰਘ, ਘੱਟ ਗਿਣਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਵਾਇਸ ਪ੍ਰਧਾਨ ਬੀਬੀ ਰਣਜੀਤ ਕੌਰ ਜੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੂੰ ਸ਼ਾਮਲ ਕੀਤਾ ਗਿਆ ਹੈ।
ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਸਮੱਰਥਨ ਵਿਚ ਪ੍ਰਦਰਸ਼ਨ ਕਰ ਰਹੇ ਦੋ ਗੁੱਟਾਂ ਵਿਚ ਹੋਈ ਆਪਸੀ ਝੜਪ ਨੇ ਹਿੰਸਾ ਦਾ ਰੂਪ ਧਾਰਨ ਕਰ ਲਿਆ ਸੀ ਜਿਸ ਕਰਕੇ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 270 ਤੋਂ ਜਿਆਦਾ ਲੋਕ ਜਖਮੀ ਦੱਸੇ ਜਾ ਰਹੇ ਹਨ। ਉੱਤਰ-ਪੂਰਬੀ ਦਿੱਲੀ ਦੇ ਇਲਾਕੇ ਹਿੰਸਾ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਏ ਹਨ। ਹਿੰਸਾ ਦੌਰਾਨ ਇੱਥੇ ਲੋਕਾਂ ਦੇ ਘਰ, ਵਾਹਨ ਅਤੇ ਦੁਕਾਨਾਂ ਨੂੰ ਸਾੜ ਕੇ ਖਾਕ ਕਰ ਦਿੱਤਾ ਗਿਆ ਹੈ। ਫਿਲਹਾਲ ਇੱਥੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਹਨ ਅਤੇ ਲੋਕਾਂ ਵਿਚ ਸਕਰਾਤਮਕ ਮਾਹੌਲ ਬਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।


