ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਏ ਦਿਨ ਸਰਕਾਰ ਅਤੇ ਪ੍ਰਸ਼ਾਸਨ ਦੁਆਰਾ ਚਾਹੇ ਪੰਜਾਬ ਵਿਚੋਂ ਨਸ਼ੇ ਦਾ ਲੱਕ ਤੋੜਨ ਦੇ ਵੱਡੇ-ਵੱਡੇ ਦਾਅਵੇ ਕਿਉਂ ਨਾ ਕੀਤੇ ਜਾਣ ਪਰ ਜਮੀਨੀ ਹਕੀਕਤ ਉਸ ਤੋਂ ਉਲਟ ਨਜ਼ਰ ਆਉਂਦੀ ਹੈ। ਨਿਤ ਨਵੇਂ ਦਿਨ ਸੂਬੇ ਭਰ ‘ਚੋਂ ਨਸ਼ੇ ਦੀ ਭੇਟ ਚੜਨ ਵਾਲੇ ਨੌਜਵਾਨਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ ਅਤੇ ਹੁਣ ਤਾਜਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਲੜਕੇ ਨੇ ਆਪਣੀ ਜਾਨ ਤੋਂ ਹੱਥ ਧੋ ਲਏ ਹਨ।
ਸੂਤਰਾਂ ਅਨੁਸਾਰ ਥਾਣਾ ਕੂਮਕਲਾਂ ਦੇ ਅਧੀਨ ਪੈਂਦੇ ਪਿੰਡ ਸਲੇਮਪੁਰ ਦਾ ਰਹਿਣ ਵਾਲਾ ਆਤਮਾ ਸਿੰਘ ਨਾਮ ਦਾ ਨੌਜਵਾਨ ਕਾਲੋਵਾਲ ਦੇ ਜੰਗਲਾਂ ਵਿਚ ਮ੍ਰਿਤਕ ਪਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਬਾਹ ਉੱਤੇ ਨਸ਼ੇ ਦੀ ਇੰਜੈਕਸ਼ਨ ਦੇ ਨਿਸ਼ਾਨ ਸਨ ਜਿਸ ਨੂੰ ਵੇਖ ਕੇ ਸਾਫ਼ ਦਿਖਾਈ ਦੇ ਰਿਹਾ ਸੀ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਪਰ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਨੂੰ ਨਕਾਰਦੇ ਹੋਏ ਪੁਲਿਸ ਨੂੰ ਦੱਸਿਆ ਹੈ ਕਿ ਉਸ ਦੇ ਸੀਨੇ ਵਿਚ ਦਰਦ ਹੋਇਆ ਸੀ ਅਤੇ ਵੇਖਦੇ ਹੀ ਵੇਖਦੇ ਉਸ ਦੀ ਮੌਤ ਹੋ ਗਈ।
ਉੱਥੇ ਹੀ ਇਸ ਪੂਰੇ ਮਾਮਲੇ ਉੱਤੇ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਦੀ ਉਮਰ 25-26 ਸਾਲ ਦੱਸੀ ਜਾ ਰਹੀ ਹੈ ਅਤੇ ਉਸ ਦੀ ਡੈਡ ਬਾਡੀ ਨੂੰ ਪੋਸਟਮਾਰਟਮ ਦੇ ਲਈ ਸਿਵਿਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲੇਗਾ ਅਤੇ ਉਸ ਅਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਦਾ ਦਾਅਵਾ ਹੈ ਕਿ ਇਲਾਕੇ ਵਿਚ ਨਸ਼ੇ ਦੇ ਵਿਰੋਧ ਉਨ੍ਹਾਂ ਦੀ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਲੋਕਾਂ ਵੱਲੋਂ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਖੈਰ ਹੁਣ ਵੇਖਣਾ ਹੋਵੇਗਾ ਕਿ ਪੋਸਟਮਾਰਟ ਰਿਪੋਰਟ ਵਿਚ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਨਿਕਲ ਕੇ ਆਉਂਦਾ ਹੈ ਜਾਂ ਫਿਰ ਨਹੀਂ।

