ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਿਚ ਕੋਰੋਨਾ ਵਾਇਰਸ ਆਪਣੇ ਅਸਲੀ ਰੰਗ ਦਿਖਾਉਣੇ ਸ਼ੁਰੂ ਕਰ ਚੁੱਕਿਆ ਹੈ। ਬੀਤੇ ਦਿਨ ਕੋਰੋਨਾ ਵਾਇਰਸ ਦੇ 36 ਮਾਮਲੇ ਸਾਹਮਣੇ ਆਏ ਸਨ ਅਤੇ ਅੱਜ ਹੋਰ ਪੰਜ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਕਰਕੇ ਕੋਰੋਨਾ ਵਾਇਰਸ ਦੇ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ।
ਜਾਣਕਾਰੀ ਮੁਤਾਬਕ ਕੋਰੋਨਾ ਵਾਇਰਸ ਦੇ 5 ਨਵੇਂ ਕੇਸਾਂ ਦੀ ਪੁਸ਼ਟੀ ਕੇਰਲਾ ਵਿਚ ਹੋਈ ਹੈ। ਅੱਜ ਐਤਵਾਰ ਨੂੰ ਇਨ੍ਹਾਂ 5 ਦੇ ਸੈਂਪਲ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਏ ਗਏ ਹਨ। ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ 5 ਮਰੀਜ਼ਾਂ ਨੂੰ ਪਥਾਨਾਮਥਿਟਾ ਦੇ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਵਿਅਕਤੀ ਥੋੜੇ ਸਮੇਂ ਪਹਿਲਾਂ ਇਟਲੀ ਤੋਂ ਵਾਪਸ ਭਾਰਤ ਪਰਤੇ ਸਨ।
ਇਸ ਤੋਂ ਪਹਿਲਾਂ ਬੀਤੇ ਦਿਨ ਤਿੰਨ ਨਵੇਂ ਕੇਸ ਸਾਹਮਣੇ ਆਏ ਸਨ। ਦਰਅਸਲ ਲੱਦਾਖ ਦੇ ਦੋ ਵਿਅਕਤੀਆਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ ਜੋ ਕਿ ਈਰਾਨ ਤੋਂ ਭਾਰਤ ਵਾਪਸ ਪਰਤੇ ਸਨ ਉੱਥੇ ਹੀ ਤਾਮਿਲਨਾਡੂ ਵਿਚ ਵੀ ਇਕ ਮਾਮਲੇ ਦੀ ਪੁਸ਼ਟੀ ਹੋ ਚੁੱਕੀ ਹੈ ਇਹ ਵਿਅਕਤੀ ਓਮਾਨ ਤੋਂ ਭਾਰਤ ਵਾਪਸ ਪਰਤਿਆ ਸੀ ਇਨ੍ਹਾਂ ਤਿੰਨਾਂ ਵਿਅਤੀਆਂ ਦਾ ਹਸਪਤਾਲ ਵਿਚ ਇਲਾਜ ਜਾਰੀ ਹੈ। ਅੰਮ੍ਰਿਤਸਰ ਵਿਚ ਵੀ ਕੱਲ੍ਹ ਦੋ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਇਹ ਦੋ ਵਿਅਕਤੀ ਵੀ ਇਟਲੀ ਤੋਂ ਭਾਰਤ ਵਾਪਸ ਪਰਤੇ ਸਨ।
ਲਗਾਤਾਰ ਵੱਧ ਰਹੇ ਮਾਮਲਿਆਂ ਕਾਰਨ ਭਾਰਤ ਵਿਚ ਕੋਰੋਨਾ ਵਾਇਰਸ ਦੇ ਕਹਿਰ ਦਾ ਖਤਰਾ ਵੀ ਵੱਧ ਰਿਹਾ ਹੈ ਕਿਉਂਕਿ ਇੰਨੇ ਮਾਮਲੇ ਕੇਵਲ ਚਾਰ ਤੋਂ ਪੰਜ ਦਿਨਾਂ ਵਿਚ ਸਾਹਮਣੇ ਆ ਚੁੱਕੇ ਹਨ। ਦੱਸ ਦਈਏ ਕਿ ਕੋਰੋਨਾ ਵਾਇਰਸ ਦਾ ਕੇਂਦਰ ਚੀਨ ਦੇ ਹੁਬਈ ਪ੍ਰਾਂਤ ਦਾ ਵੁਹਾਨ ਸ਼ਹਿਰ ਹੈ। ਇਸ ਮਹਾਮਾਰੀ ਦੀ ਸ਼ੁਰੂਆਤ ਸੱਭ ਤੋਂ ਪਹਿਲਾਂ ਵੁਹਾਨ ਸ਼ਹਿਰ ਵਿਚ ਹੀ ਹੋਈ ਸੀ ਜਿਸ ਤੋਂ ਬਾਅਦ ਇਸ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ ਅਤੇ ਪੂਰੇ ਚੀਨ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਵਿਚ ਆਪਣੇ ਪੈ ਪਸਾਰ ਲਏ ਹਨ।



