ਸਿੱਖਾਂ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦਾ ਅੱਜ ਆਖਰੀ ਦਿਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਅੱਜ ਦੇਸ਼ ਭਰ ਵਿਚ ਜਿੱਥੇ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਉੱਥੇ ਹੀ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਅੱਜ ਦੇਸ਼ ਭਰ ਵਿਚ ਜਿੱਥੇ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਉੱਥੇ ਹੀ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਾਂ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਦਾ ਅੱਜ ਆਖਰੀ ਦਿਨ ਹੈ ਜਿਸ ਨੂੰ ਮਨਾਉਣ  ਲਈ ਲੱਖਾਂ ਦੀ ਗਿਣਤੀ ਵਿਚ ਸਿੱਖ ਸੰਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੀ ਹੋਈ ਹੈ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਦੀ ਅਰੰਭਤਾ 8 ਮਾਰਚ ਨੂੰ ਹੋਈ ਸੀ ਜਿਸ ਦੇ ਅੱਜ 10 ਮਾਰਚ ਨੂੰ ਭੋਗ ਪਾਏ ਜਾਣਗੇ। ਇਸ ਤੋਂ ਉਪਰੰਤ ਇਕ ਮਹਾਨ ਨਗਰ ਕੀਰਤਨ ਵੀ ਕੱਢਿਆ ਜਾਵੇਗਾ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ‘ਚ ਪੰਜ ਪਿਆਰੇ, ਪੰਜ ਨਿਸ਼ਾਨਚੀ ਸਿੰਘ,ਤਖਤ ਸਾਹਿਬ ਦੇ ਜੱਥੇਦਾਰ, ਪੰਥ ਦੀਆਂ ਵੱਡੀਆਂ ਸਖਸ਼ੀਅਤਾਂ ਅਤੇ ਨਿਹੰਗ ਸਿੰਘ ਜੱਥੇਬੰਦੀਆਂ ਨਾਲ ਵੱਡੀ ਗਿਣਤੀ ਵਿਚ ਸਿੱਖ ਸੰਗਤ ਸ਼ਾਮਲ ਹੋਵੇਗੀ। ਇਸ ਮੌਕੇ ਗੁਰੂ ਸਾਹਿਬ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਜੱਥੇਬੰਦੀਆਂ ਆਪਣੀ ਸ਼ਸ਼ਤਰ ਕਲਾ ਅਤੇ ਘੋੜਸਵਾਰੀ ਦੇ ਜਹੋਰ ਵਿਖਾਉਣਗੀਆਂ।

ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸਿੱਖ ਸੰਗਤ ਪਹੁੰਚੀ ਹੋਈ ਹੈ ਜਿਨ੍ਹਾਂ ਦੀ ਸਹੂਲਤ ਲਈ ਥਾਂ-ਥਾ ਲੰਗਰ ਲਗਾਏ ਗਏ ਹਨ। ਸ਼ਰਧਾਲੂਆਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਹਰ ਪੱਖੋਂ ਪੱਕੇ ਪ੍ਰਬੰਧ ਕੀਤੇ ਗਏ ਅਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਈ ਅਣਸੁਖਾਵੀ ਘਟਨਾ ਨਾਂ ਵਾਪਰੇ।

ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਸਿੱਖ ਸੰਗਤ ਵਿਚ ਵੀ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੱਥਾ ਟੇਕਣ ਲਈ ਸ਼ਰਧਾਲੂਆਂ ਦੀਆਂ ਲੰਬੀਆਂ-ਲੰਬੀਆਂ ਲਾਇਨਾ ਲੱਗੀਆਂ ਹੋਈਆਂ ਹਨ। ਦੂਰੋ-ਦੂਰੋ ਸਿੱਖ ਸੰਗਤ ਇਸ ਮਹਾਨ ਅਸਥਾਨ ਦੇ ਦਰਸ਼ਨ ਦੀਦਾਰ ਕਰਨ ਪਹੁੰਚੀ ਹੋਈ ਹੈ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸਮੇਤ ਸਾਰੇ ਗੁਰਧਾਮਾਂ ਨੂੰ ਬੜੇ ਦੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹੋਲੇ-ਮਹੱਲੇ ਦੀਆਂ ਸਿੱਖ ਕੌਮ ਨੂੰ ਵਧਾਈਆਂ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਇਸ ਤਿਉਹਰ ਦੀ ਸਾਡੇ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਲੱਪਨਾ ਕੀਤੀ ਤਾਂ ਜੋ ਉਹ ਸਿੱਖਾਂ ਦੀ ਮਾਰਸ਼ਲ ਕੁਸ਼ਲਤਾ ਨੂੰ ਪ੍ਰਦਰਸ਼ਿਤ ਕਰ ਸਕਣ।

Leave a Reply

Your email address will not be published. Required fields are marked *