ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦੇ ਵਿਰੁੱਧ ਭਾਰਤ ਨੇ ਵੱਡੀ ਪਹਿਲ ਕੀਤੀ ਹੈ। ਦਰਅਸਲ ਅੱਜ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਸਾਰਕ ਦੇਸ਼ਾ ਨਾਲ ਵੀਡੀਓ ਕਾਨਫਰੰਸਿਗ ਦੇ ਜਰੀਏ ਕੋਰੋਨਾ ਵਾਇਰਸ ਨਾਲ ਨਜਿੱਠਣ ਸਬੰਧੀ ਚਰਚਾ ਕੀਤੀ ਹੈ। ਪੀਐਮ ਮੋਦੀ ਨੇ ਸਾਰਕ ਦੇਸ਼ਾਂ ਨੂੰ ਇੱਕਠੇ ਹੋ ਕੇ ਇਸ ਮਹਾਮਾਰੀ ਨਾਲ ਲੜਨ ਅਤੇ ਇਕ-ਦੂਜੇ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਦਰਅਸਲ ਭਾਰਤ, ਬੰਗਲਾਦੇਸ਼, ਨੇਪਾਲ, ਭੂਟਾਨ, ਮਾਲਦੀਵ, ਪਾਕਿਸਤਾਨ, ਸ੍ਰੀਲੰਕਾ ਅਤੇ ਅਫਗਾਨਿਸਤਾਨ ਦੇ ਰਾਸ਼ਟਰ ਪ੍ਰਮੁੱਖਾਂ ਨੇ ਦੁਨੀਆਂ ਲਈ ਮੁਸਿਬਤ ਬਣ ਚੁੱਕੇ ਕੋਰੋਨਾ ਵਾਇਰਸ ਉੱਤੇ ਚਰਚਾ ਕੀਤੀ ਹੈ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਡਰਨ ਦੀ ਨਹੀਂ ਬਲਕਿ ਮਿਲ ਕੇ ਲੜਨ ਦੀ ਜਰੂਰਤ ਹੈ ਅਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਦੇਸ਼ਾ ਨੂੰ ਸਾਵਧਾਨੀ ਵਰਤਣੀ ਹੋਵੇਗੀ। ਪੀਐਮ ਮੋਦੀ ਨੇ ਸਾਰਕ ਦੇ ਦੇਸ਼ਾਂ ਨੂੰ ਕੋਵਿਡ-19 ਦੇ ਲਈ ਐਮਰਜੈਂਸੀ ਫੰਡ ਬਨਾਉਣ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਭਾਰਤ ਇਸ ਲਈ 10 ਮਿਲੀਅਨ ਅਮਰੀਕੀ ਡਾਲਰ ਦਾ ਸਹਿਯੋਗ ਦੇਵੇਗਾ।
ਪੀਐਮ ਮੋਦੀ ਨੇ ਕਿਹਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਨੇ ਜਨਵਰੀ ਦੇ ਮੱਧ ਵਿਚ ਹੀ ਦੇਸ਼ ‘ਚ ਦਾਖਲ ਹੋਣ ਵਾਲੇ ਲੋਕਾਂ ਦੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਅਤੇ ਉਸ ਤੋਂ ਬਾਅਦ ਯਾਤਰਾ ਵਿਚ ਪਾਬੰਦੀਆਂ ਨੂੰ ਵਧਾ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਦੇ ਨਾਲ-ਨਾਲ ਗੁਆਂਢੀ ਦੇਸ਼ਾਂ ਦੇ ਨਾਗਰਿਕਾਂ ਨੂੰ ਵੀ ਬਾਹਰ ਕੱਢਿਆ ਹੈ। ਸਾਰਕ ਦੇਸ਼ਾਂ ਦੇ ਸਾਰੇ ਲੀਡਰਾਂ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਆਪੋ-ਆਪਣੀ ਰਾਏ ਰੱਖੀ। ਪੀਐਮ ਮੋਦੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ, ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਿਆ ਰਾਦਪਕੇਸ਼,ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ, ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਸੋਲੀ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਅਤੇ ਪਾਕਿਸਤਾਨ ਦੇ ਸਿਹਤ ਰਾਜ ਮੰਤਰੀ ਜਫਰ ਮਿਰਜਾ ਦਾ ਦਾ ਇਸ ਚਰਚਾ ਵਿਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ।

