ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਸੰਕਟ ਦੇ ਕਾਰਨ ਦੇਸ਼ ਦੀ ਅਰਥਵਿਵਸਥਾ ਉੱਤੇ ਵੀ ਮਾੜਾ ਅਸਰ ਹੋਇਆ ਹੈ। ਇਸੇ ਵਿਚਾਲੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਆਪਣੇ 1.13 ਕਰੋੜ ਕਰਮਚਾਰੀਆਂ ਅਤੇ ਪੈਨਸ਼ਨਧਾਰਕਾਂ ਦੇ ਮਹਿੰਗਾਈ ਭੱਤੇ ਨੂੰ ਜੁਲਾਈ 2021 ਤੱਕ ਵਧਾਉਣ ਉੱਤੇ ਰੋਕ ਲਗਾ ਦਿੱਤੀ ਹੈ।
ਦਰਅਸਲ ਪਿਛਲੇ ਮਹੀਨੇ ਹੀ ਸਰਕਾਰ ਨੇ ਕੇਂਦਰ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 4 ਫ਼ੀਸਦੀ ਵਧਾਉਣ ਦਾ ਐਲਾਨ ਕੀਤਾ ਸੀ ਜਿਸ ਨਾਲ ਇਹ 17 ਫੀਸਦੀ ਤੋਂ ਵੱਧ ਕੇ 21 ਫੀਸਦੀ ਹੋ ਗਿਆ ਸੀ ਪਰ ਹੁਣ ਸਰਕਾਰ ਨੇ ਵਧੇ ਹੋਏ ਮਹਿੰਗਾਈ ਭੱਤੇ ਨੂੰ ਜੁਲਾਈ 2021 ਤੱਕ ਰੋਕਣ ਦੇ ਹੁਕਮ ਦਿੱਤੇ ਹਨ। ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਧਾਰਕਾਂ ਨੂੰ ਹੁਣ 1 ਜਨਵਰੀ 2020, 1 ਜੁਲਾਈ 2020 ਅਤੇ 1 ਜਨਵਰੀ 2021 ਤੋਂ ਵੱਧਣ ਵਾਲਾ ਮਹਿੰਗਾਈ ਭੱਤਾ ਨਹੀਂ ਮਿਲੇਗਾ ਅਤੇ ਨਾ ਹੀ ਉਸਦਾ ਬਕਾਏ ਵਜੋਂ ਇਸਦਾ ਭੁਗਤਾਨ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੋਰੋਨਾ ਮਹਾਮਾਰੀ ਦੇ ਕਾਰਨ ਸਰਕਾਰੀ ਮਾਲੀਆ ਬੁਰਾ ਤਰ੍ਹਾ ਪ੍ਰਭਾਵਿਤ ਹੋਇਆ ਹੈ ਜਿਸ ਦੇ ਚੱਲਦੇ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ ਜਿਸ ਦਾ ਅਸਰ 54 ਲੱਖ ਸਰਕਾਰੀ ਕਰਮਚਾਰੀ ਅਤੇ 65 ਲੱਖ ਪੈਨਸ਼ਨਧਾਰਕਾਂ ਉੱਤੇ ਪਵੇਗਾ। ਦੱਸ ਦਈਏ ਕਿ ਮਹਿੰਗਾਈ ਭੱਤਾ ਉਹ ਪੈਸਾ ਹੁੰਦਾ ਹੈ ਜੋ ਸਰਕਾਰ ਆਪਣੇ ਕਰਮਚਾਰੀਆਂ ਨੂੰ ਰਹਿਣ-ਸਹਿਣ ਅਤੇ ਖਾਣ- ਪੀਣ ਦੇ ਪੱਧਰ ਨੂੰ ਵਧੀਆ ਬਨਾਉਣ ਲਈ ਦਿੰਦੀ ਹੈ। ਇਹ ਭੱਤਾ ਇਸ ਲਈ ਦਿੱਤਾ ਜਾਂਦਾ ਹੈ ਤਾਂ ਜੋ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਧਾਰਕ ਦੇ ਰਹਿਣ ਅਤੇ ਖਾਣ ਦੇ ਪੱਧਰ ਵਿਚ ਕੋਈ ਪਰੇਸ਼ਾਨੀ ਨਾ ਆਵੇ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੂਰੀ ਦੁਨੀਆ ਵਿਚ ਕੇਵਲ ਭਾਰਤ,ਪਾਕਿਸਤਾਨ ਅਤੇ ਬੰਗਲਾਦੇਸ਼ ਹੀ ਅਜਿਹੇ ਦੇਸ਼ ਹਨ ਜਿੱਥੇ ਸਰਕਾਰੀ ਕਰਮਚਾਰੀਆਂ ਨੂੰ ਇਹ ਭੱਤਾ ਦਿੱਤਾ ਜਾਂਦਾ ਹੈ।

