ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਵਾਇਰਸ ਦੀ ਚਪੇਟ ਵਿਚ ਆਏ ਦਿੱਲੀ ਦੀ ਸਿਹਤ ਮੰਤਰੀ ਸਤੇਂਦਰ ਜੈਨ ਦੀ ਤਬੀਅਤ ਵਿਚ ਅੱਜ ਐਤਵਾਰ ਨੂੰ ਸੁਧਾਰ ਹੋਇਆ ਹੈ। ਪਲਾਜ਼ਮਾ ਥੈਰੇਪੀ ਦੇਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਉੱਤੇ ਸਕਰਾਤਮਕ ਅਸਰ ਪਿਆ ਹੈ । ਦੱਸ ਦਈਏ ਕਿ ਉਹ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਤੇਜ਼ ਬੁਖਾਰ ਅਤੇ ਸਾਂਹ ਲੈਣ ਵਿਚ ਆ ਰਹੀ ਪਰੇਸ਼ਾਨੀ ਕਰਕੇ ਹਸਪਤਾਲ ਵਿਚ ਦਾਖਲ ਹੋਏ ਸਨ।
ਜਾਣਕਾਰੀ ਅਨੁਸਾਰ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਬੀਤੇ ਸਨੀਵਾਰ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਬੁਖਾਰ ਵੀ ਕੰਟਰੋਲ ਵਿਚ ਆ ਗਿਆ ਹੈ ਅਤੇ ਆਕਸੀਜਨ ਪੱਧਰ ਵੀ ਪਹਿਲਾਂ ਨਾਲੋਂ ਕੀਤੇ ਜ਼ਿਆਦਾ ਬੇਹਤਰ ਸਥਿਤੀ ਵਿਚ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਉਣ ਵਾਲੇ ਸੋਮਵਾਰ ਤੱਕ ਸਧਾਰਣ ਵਾਰਡ ਵਿਚ ਸ਼ਿਫਟ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੀ ਇਕ ਟੀਮ ਉਨ੍ਹਾਂ ਧਿਆਨ ਰੱਖ ਰਹੇ ਡਾਕਟਰਾਂ ਦੀ ਮਦਦ ਲਈ ਵੀ ਤਿਆਰ ਰੱਖੀ ਗਈ ਹੈ। ਦੱਸ ਦਈਏ ਕਿ 16 ਜੂਨ,ਦਿਨ ਸੋਮਵਾਰ ਦੀ ਰਾਤ ਨੂੰ ਉਹ ਤੇਜ਼ ਬੁਖਾਰ ਅਤੇ ਸਾਂਹ ਲੈਣ ਵਿਚ ਹੋ ਰਹੀ ਪਰੇਸ਼ਾਨੀ ਕਰਕੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿਚ ਦਾਖਲ ਹੋਏ ਸਨ। ਉਨ੍ਹਾਂ ਦੀ ਪਹਿਲੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਸੀ ਪਰ ਦੂਜੀ ਵਾਰੀ ਕੀਤੀ ਜਾਂਚ ਦੌਰਾਨ ਉਹ ਕੋਰੋਨਾ ਪੀੜਤ ਪਾਏ ਗਏ ਸਨ। ਸਿਹਤ ਵਿਚ ਸੁਧਾਰ ਨਾ ਹੋਣ ‘ਤੇ ਉਨ੍ਹਾਂ ਨੂੰ ਸਾਕੇਤ ਦੇ ਮੈਕਸ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਹਸਪਤਾਲ ਵਿਚ ਭਰਤੀ ਹੋਣ ਤੋਂ ਪਹਿਲਾਂ ਐਤਵਾਰ ਨੂੰ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਕੋਰੋਨਾ ਸੰਕਟ ਉੱਤੇ ਬੁਲਾਈ ਬੈਠਕ ਵਿਚ ਸ਼ਾਮਲ ਹੋਏ ਸਨ। ਇਸ ਬੈਠਕ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਸਮੇਤ ਕਈ ਵੱਡੇ ਅਧਿਕਾਰੀ ਵੀ ਮੌਜੂਦ ਸਨ। ਉੱਥੇ ਹੀ ਸਤੇਂਦਰ ਜੈਨ ਦੀ ਗੈਰ-ਹਾਜ਼ਰੀ ਵਿਚ ਉਨ੍ਹਾਂ ਦਾ ਸਿਹਤ ਵਿਭਾਗ ਇਸ ਵੇਲੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੰਭਾਲ ਰਹੇ ਹਨ।

