72 ਘੰਟੇ ਤੋਂ ਘੱਟ ਸਮੇਂ ਵਾਸਤੇ ਪੰਜਾਬ ਆਉਣ ਵਾਲਿਆਂ ਲਈ ਰਾਹਤ ਦੀ ਖਬਰ ! ਸਰਕਾਰ ਨੇ ਲਿਆ ਵੱਡਾ ਫੈਸਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆ ਪੰਜਾਬ ਵਿਚ 72 ਘੰਟੇ ਤੋਂ ਘੱਟ ਸਮੇਂ ਲਈ ਆਉਣ ਵਾਲਿਆਂ ਨੂੰ ਘਰੇਲੂ ਏਕਾਂਤਵਾਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆ ਪੰਜਾਬ ਵਿਚ 72 ਘੰਟੇ ਤੋਂ ਘੱਟ ਸਮੇਂ ਲਈ ਆਉਣ ਵਾਲਿਆਂ ਨੂੰ ਘਰੇਲੂ ਏਕਾਂਤਵਾਸ ਤੋਂ ਛੋਟ ਦੇ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਸੂਬੇ ਦੀ ਸੀਮਾ ‘ਤੇ ਚੈੱਕ ਪੋਸਟ ਵਿਖੇ ਸਿਰਫ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਉੱਥੇ ਹੀ ਪੰਜਾਬ ਆਉਣ ਵਾਲੇ ਬਾਕੀ ਘਰੇਲੂ ਮੁਸਾਫਰਾਂ ਲਈ ਏਕਾਂਤਵਾਸ ਦੀ ਵਿਵਸਥਾ ਪਹਿਲਾਂ ਵਾਂਗ ਹੀ ਬਰਕਰਾਰ ਰਹੇਗੀ।

ਸੂਬੇ ਵਿੱਚ ਆਉਣ ਵਾਲੇ ਘਰੇਲੂ ਮੁਸਾਫਰਾਂ ਲਈ ਇਸ ਰਾਹਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਹ ਰਿਆਇਤ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਹੋਰ ਕਾਰੋਬਾਰੀ ਮੁਸਾਫਰਾਂ ਆਦਿ ਨੂੰ ਮਿਲਣਗੀਆਂ ਜਿਨ੍ਹਾਂ ਨੇ ਇੱਥੇ ਪਹੁੰਚਣ ‘ਤੇ 72 ਘੰਟਿਆਂ ਤੋਂ ਘੱਟ ਸਮੇਂ ਲਈ ਠਹਿਰਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯਾਤਰੀਆਂ ਨੂੰ 14-ਦਿਨਾ ਦੇ ਲਾਜ਼ਮੀ ਏਕਾਂਤਵਾਸ ਦੀ ਜ਼ਰੂਰਤ ਤੋਂ ਵੀ ਛੋਟ ਦੇਣ ਦਾ ਫੈਸਲਾ ਲਿਆ ਗਿਆ ਹੈ ਜਦਕਿ ਪੰਜਾਬ ਆਉਣ ਵਾਲੇ ਬਾਕੀ ਘਰੇਲੂ ਮੁਸਾਫਰਾਂ ਲਈ ਘਰੇਲੂ ਏਕਾਂਤਵਾਸ ਦੀ ਵਿਵਸਥਾ ਪਹਿਲਾਂ ਵਾਂਗ ਬਰਕਰਾਰ ਰਹੇਗੀ। ਉੱਥੇ ਹੀ ਜਿਨ੍ਹਾਂ ਯਾਤਰੀਆਂ ਨੂੰ ਇਹ ਛੋਟ ਹਾਸਲ ਹੈ, ਉਨ੍ਹਾਂ ਨੂੰ ਕੋਵਾ ਐਪ ‘ਤੇ ਮੁਹੱਈਆ ਕਰਵਾਈ ਤੈਅ ਪ੍ਰਕ੍ਰਿਆ ਵਿੱਚ ਚੈੱਕ ਪੋਸਟ ਦੇ ਆਫੀਸਰ ਇੰਚਾਰਜ ਕੋਲ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਨੂੰ ਆਪਣੇ ਮੋਬਾਈਲਾਂ ‘ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। ਇਸ ਐਪ ‘ਤੇ ਮੁਸਾਫਰਾਂ ਬਾਰੇ ਸੂਚਨਾ ਵਾਲੇ ਹਿੱਸੇ ਵਿੱਚ ਆਪਣੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਨੂੰ ਇਹ ਘੋਸ਼ਣਾ-ਪੱਤਰ ਦੇਣਾ ਹੋਵੇਗਾ ਕਿ ਪੰਜਾਬ ਵਿੱਚ ਠਹਿਰਣ ਦੌਰਾਨ ਕੋਵਾ ਐਪ ਸਰਗਰਮ ਰੱਖਣੀ ਪਵੇਗੀ।

ਅਜਿਹੇ ਯਾਤਰੀਆਂ ਲਈ ਹੋਰ ਨਿਰਧਾਰਤ ਸੰਚਾਲਨ ਵਿਧੀ (ਐਸ.ਪੀ.ਓਜ਼) ਮੁਤਾਬਕ ਇਨ੍ਹਾਂ ਨੂੰ ਸਵੈ-ਇੱਛੁਤ ਤੌਰ ‘ਤੇ ਦੱਸਣਾ ਹੋਵੇਗਾ ਕਿ ਉਹ ਕਿਸੇ ਸੀਮਿਤ ਜ਼ੋਨ (ਕੰਟੇਨਮੈਂਟ ਜ਼ੋਨ) ਤੋਂ ਨਹੀਂ ਆ ਰਹੇ ਅਤੇ ਸੂਬੇ ਵਿੱਚ ਪਹੁੰਚਣ ਦੇ ਸਮੇਂ ਤੋਂ ਲੈ ਕੇ ਉਹ ਪੰਜਾਬ ਵਿੱਚ 72 ਘੰਟਿਆਂ ਤੋਂ ਵੱਧ ਸਮਾਂ ਨਹੀਂ ਠਹਿਰਨਗੇ। ਇਸ ਸਮੇਂ ਦੌਰਾਨ ਉਹ ਆਪਣੀ ਸਿਹਤ ਦੀ ਨਿਗਰਾਨੀ ਕਰਨ ਅਤੇ ਆਪਣੇ ਆਸ-ਪਾਸ ਦੇ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਲਈ ਪਾਬੰਦ ਰਹਿਣਗੇ। ਜੇਕਰ ਕੋਵਿਡ-19 ਨਾਲ ਸਬੰਧਤ ਕਿਸੇ ਵੀ ਲੱਛਣ ਦਾ ਪਤਾ ਲਗਦਾ ਹੈ ਤਾਂ ਉਹ ਨਿਯੁਕਤ ਕੀਤੀ ਨਿਗਰਾਨੀ ਟੀਮ ਨਾਲ ਗੱਲਬਾਤ ਕਰਨਗੇ ਅਤੇ ਤੁਰੰਤ 104 ਨੰਬਰ ‘ਤੇ ਕਾਲ ਕਰਨਗੇ। ਉੱਥੇ ਹੀ ਜੇਕਰ ਵਾਪਸੀ ਕਰਨ ਦੇ ਇਕ ਹਫ਼ਤੇ ਦੇ ਅੰਦਰ ਕਿਸੇ ਵੀ ਵਿਅਕਤੀ ਦਾ ਟੈਸਟ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 104 ‘ਤੇ ਕਾਲ ਕਰਨੀ ਹੋਵੇਗੀ ਅਤੇ ਸੰਪਰਕ ਵਿਚ ਆਏ ਲੋਕਾਂ ਦੀ ਜਾਣਕਾਰੀ ਦੇਣੀ ਪਵੇਗੀ।

Leave a Reply

Your email address will not be published. Required fields are marked *