ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਹਾਲੀ ਵਿਚ ਵੀਕੈਂਡ ਕਰਫਿਊ ਲਗਾਉਣ ਦੇ ਪ੍ਰਸਤਾਵ ਨੂੰ ਅਸਵੀਕਾਰ ਕਰ ਦਿੱਤਾ ਹੈ। ਦਰਅਸਲ ਕੋਰੋਨਾ ਦੇ ਮਾਮਲਿਆਂ ਨੂੰ ਲਗਾਤਾਰ ਵੱਧਦਾ ਵੇਖ ਚੰਡੀਗੜ੍ਹ ਪ੍ਰਸ਼ਾਸਨ ਨੇ ਟ੍ਰਾਈਸਿਟੀ (ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ) ਵਿਚ ਵੀਕੈਂਡ ਕਰਫਿਊ ਲਗਾਉਣ ਦਾ ਪ੍ਰਸਤਾਵ ਭੇਜਿਆ ਸੀ ਜਿਸ ਨੂੰ ਪੰਜਾਬ ਸਰਕਾਰ ਨੇ ਸਵੀਕਾਰ ਨਹੀਂ ਕੀਤਾ ਹੈ, ਜਦਕਿ ਹਰਿਆਣਾ ਸਰਕਾਰ ਨੇ ਅਜੇ ਉੱਤੇ ਫੈਸਲਾ ਲੈਣਾ ਹੈ।
ਜਾਣਕਾਰੀ ਅਨੁਸਾਰ ਅਚਾਨਕ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਟ੍ਰਾਈਸਿਟੀ ਵਿਚ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਸੋਮਵਾਰ 6 ਵਜੇ ਤੱਕ ਕਰਫਿਊ ਲਗਾਉਣ ਦੀ ਯੋਜਨਾ ਬਣਾ ਰਿਹਾ ਸੀ ਜਿਸ ਲਈ ਪ੍ਰਸ਼ਾਸਨ ਦੇ ਸਲਾਹਕਾਰ ਮਨੋਜ ਪਰੀਦਾ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖ ਕੇ ਮੁਹਾਲੀ ਅਤੇ ਪੰਚਕੂਲਾ ਵਿਚ ਵੀ ਵੀਕੈਂਡ ਕਰਫਿਊ ਲਗਾਉਣ ਲਈ ਕਿਹਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਵਿਚ ਵੀਕੈਂਡ ਕਰਫਿਊ ਉਦੋਂ ਤੱਕ ਪ੍ਰਭਾਵੀ ਨਹੀਂ ਹੋਵੇਗਾ, ਜਦੋਂ ਤੱਕ ਇਸ ਨੂੰ ਇਕੋਂ ਸਮੇ ਵਿਚ ਮੁਹਾਲੀ ਅਤੇ ਪੰਚਕੂਲਾ ਵਿਚ ਨਹੀਂ ਲਗਾਇਆ ਜਾਂਦਾ। ਪਰੀਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਜਦਕਿ ਹਰਿਆਣਾ ਸਰਕਾਰ ਵੱਲੋਂ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਇਕ ਸਮੀਖਿਆ ਬੈਠਕ ਦੌਰਾਨ ਡਾਕਟਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਗੱਲ ਨਿਕਲ ਕੇ ਸਾਹਮਣੇ ਆਈ ਸੀ ਕਿ ਟ੍ਰਾਈਸਿਟੀ ਵਿਚ ਸਮਾਜਕ ਦੂਰੀਆਂ ਅਤੇ ਫੇਸ ਮਾਸਕ ਪਹਿਨਣ ਵਰਗੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਇਸ ਲਈ ਇੱਥੇ ਵੀਕੈਂਡ ਕਰਫਿਊ ਲਗਾਉਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਇਸ ਨਾਲ ਕੋਰੋਨਾ ਦੀ ਚੈਨ ਅਤੇ ਕੇਸਾਂ ਦੀ ਰਫਤਾਰ ਘਟਾਉਣ ਵਿਚ ਕਾਫੀ ਹੱਦ ਤੱਕ ਮਦਦ ਮਿਲੇਗੀ।
