ਕੇਂਦਰ ਨੇ ਸਵਿਕਾਰੀ ਬਿਹਾਰ ਸਰਕਾਰ ਦੀ ਸਿਫਾਰਸ਼, ਸੁਸ਼ਾਂਤ ਕੇਸ ਦੀ ਜਾਂਚ ਸੀਬੀਆਈ ਹਵਾਲੇ, SC ਨੇ ਕਿਹਾ- ਤਿੰਨ ਦਿਨਾਂ ਅੰਦਰ ਜਵਾਬ ਕਰੋ ਦਾਖਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕਰਨ ਦੀ ਬਿਹਾਰ ਸਰਕਾਰ ਦੀ ਸਿਫਾਰਸ਼ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰ ਲਿਆ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕਰਨ ਦੀ ਬਿਹਾਰ ਸਰਕਾਰ ਦੀ ਸਿਫਾਰਸ਼ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰ ਲਿਆ ਹੈ ਅਤੇ ਇਸ ਉੱਤੇ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਹੋਵੇਗਾ। ਇਸ ਗੱਲ ਦੀ ਜਾਣਕਾਰੀ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਿੱਤੀ ਹੈ।

ਦਰਅਸਲ ਸੁਸ਼ਾਂਤ ਸਿੰਘ ਰਾਜਪੁਤ ਦੇ ਪਿਤਾ ਕੇਕੇ ਸਿੰਘ ਨੇ ਸੁਸ਼ਾਂਤ ਦੀ ਗਰਲਫਰੈਂਡ ਰਿਆ ਚੱਕਰਵਰਤੀ ਵਿਰੁੱਧ ਉਨ੍ਹਾਂ ਦੇ ਬੇਟੇ ਨੂੰ ਬਲੈਕਮੇਲ ਕਰਨ ਅਤੇ ਖੁਦਕੁਸ਼ੀ ਲਈ ਉਕਸਾਉਣ ਦੀ ਸ਼ਿਕਾਇਤ ਕਰਦੇ ਹੋਏ ਪਟਨਾ ਵਿਚ ਐਫਆਈਆਰ ਦਰਜ ਕਰਵਾਈ ਸੀ। ਚੱਕਰਵਰਤੀ ਨੇ ਇਸ ਮਾਮਲੇ ਦੀ ਜਾਂਚ ਕੇਵਲ ਮੁੰਬਈ ਪੁਲਿਸ ਤੋਂ ਕਰਵਾਉਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੇਸ਼ ਦੀ ਸੱਭ ਤੋਂ ਵੱਡੀ ਅਦਾਲਤ ਨੂੰ ਦੱਸਿਆ ਕਿ ਕੇਂਦਰ ਨੇ ਸੁਸ਼ਾਂਤ ਖੁਦਕੁਸ਼ੀ ਮਾਮਲੇ ਵਿਚ ਸੀਬੀਆਈ ਜਾਂਚ ਦੀ ਸਿਫਾਰਸ਼ ਕਰਨ ਵਾਲੀ ਬਿਹਾਰ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ। ਦੂਜੇ ਪਾਸੇ ਰਿਆ ਵੱਲੋਂ ਪੇਸ਼ ਹੋਏ ਵਕੀਲ ਸ਼ਿਆਮ ਦੀਵਾਨ ਨੇ ਬਿਹਾਰ ਵਿਚ ਦਰਜ ਕੇਸ ਨੂੰ ਮੁੰਬਈ ਟਰਾਂਸਫਰ ਕਰਨ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਮੁੰਬਈ ਪੁਲਿਸ ਜਾਂਚ ਕਰ ਰਹੀ ਹੈ ਤਾਂ ਫਿਰ ਮੁੰਬਈ ਵਿਚ ਹੀ ਜਾਂਚ ਹੋਣੀ ਚਾਹੀਦੀ ਹੈ। ਇਸ ਕੇਸ ਦੀ ਜਾਂਚ ਕਰਨਾ ਬਿਹਾਰ ਪੁਲਿਸ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ। ਇਸ ਕੇਸ ਵਿਚ ਬਿਹਾਰ ਪੁਲਿਸ ਦੇ ਜੁੜਨ ਦਾ ਕੋਈ ਅਧਿਕਾਰ ਨਹੀਂ ਹੈ। ਉੱਥੇ ਹੀ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ਵੱਲੋਂ ਪੇਸ਼ ਹੋਏ ਵਕੀਲ ਵਿਕਾਸ ਸਿੰਘ ਨੇ ਕਿਹਾ ਕੀ ਸੀਬੀਆਈ ਨੂੰ ਜਲਦੀ ਜਾਂਚ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਕੋਈ ਵੀ ਆਰੋਪੀ ਬਚ ਨਾ ਸਕੇ, ਕਿਉਂਕਿ ਪਹਿਲਾਂ ਹੀ ਬਹੁਤ ਦੇਰ ਹੋ ਚੁੱਕੀ ਹੈ ਅਤੇ ਸਬੂਤ ਨਸ਼ਟ ਹੋਣ ਦਾ ਖਤਰਾ ਹੈ। ਸੁਪਰੀਮ ਕੋਰਟ ਨੇ ਸਾਰੀਆਂ ਧੀਰਾਂ ਨੂੰ ਸੁਣਨ ਤੋਂ ਬਾਅਦ ਇਸ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਸਮੇਤ ਸਾਰੇ ਪੱਖਾਂ ਨੂੰ ਤਿੰਨ ਦਿਨਾਂ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਇਕ ਹਫਤੇ ਬਾਅਦ ਹੋਵੇਗੀ।

Leave a Reply

Your email address will not be published. Required fields are marked *