ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਕੈਪਟਨ ਸਰਕਾਰ ਨੇ ਸਖਤੀਆਂ ਹੋਰ ਵਧਾ ਦਿੱਤੀਆਂ ਹਨ,ਜਿਸ ਤਹਿਤ ਹੁਣ ਰਾਤ ਦੀ ਆਵਾਜਾਈ ਅਤੇ ਦੁਕਾਨਾਂ ਬੰਦ ਕਰਨ ਦੇ ਸਮੇਂ ਵਿਚ ਵੀ ਤਬਦੀਲੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਨਾਲ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਤਿੰਨ ਸ਼ਹਿਰਾਂ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਹੋਰ ਪਾਬੰਦੀਆਂ ਲਗਾ ਦਿੱਤੀਆਂ ਹਨ ਜੋ ਕਿ ਅੱਜ ਮੰਗਲਵਾਰ ਤੋਂ ਪ੍ਰਭਾਵੀ ਹੋ ਗਈਆਂ ਹਨ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਰਕੇ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਕੁਝ ਗਤੀਵਿਧੀਆਂ ‘ਤੇ ਵਾਧੂ ਪਾਬੰਦੀਆਂ ਲਾਉਣਾ ਜ਼ਰੂਰੀ ਸਮਝਿਆ ਗਿਆ ਹੈ। ਇਸ ਅਨੁਸਾਰ ਅਗਲੇ ਆਦੇਸ਼ ਤੱਕ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਮਿਊਂਸਿਪਲ ਸੀਮਾ ਦੇ ਅੰਦਰ ਰਾਤ 9.00 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ਉੱਤੇ ਪਾਬੰਦੀ ਰਹੇਗੀ। ਹਾਲਾਂਕਿ ਜਰੂਰੀ ਚੀਜ਼ਾਂ ਦੀ ਆਵਾਜਾਈ, ਸਮਾਨ ਨੂੰ ਉਤਾਰਨ, ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਆਏ ਲੋਕਾਂ ਨੂੰ ਉਨ੍ਹਾਂ ਦੇ ਸਥਾਨਾਂ’ ‘ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ ਉਦਯੋਗਾਂ ਵਿੱਚ ਵੀ 2-3 ਸ਼ਿਫਟਾਂ ‘ਚ ਕੰਮ ਜਾਰੀ ਰਹੇਗਾ।
ਸਰਕਾਰੀ ਬੁਲਾਰੇ ਮੁਤਾਬਕ ਰੈਸਟੋਰੈਂਟ, ਹੋਟਲ ਅਤੇ ਹੋਰ ਪਰਾਹੁਣਚਾਰੀ ਦੀਆਂ ਇਕਾਈਆਂ ਰਾਤ 8.30 ਵਜੇ ਤੱਕ ਖੁੱਲੀਆਂ ਰਹਿਣਗੀਆਂ। ਇਸ ਤੋਂ ਇਲਾਵਾ ਦੁਕਾਨਾਂ ਅਤੇ ਸ਼ਾਪਿੰਗ ਮਾਲ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਸ਼ਾਪਿੰਗ ਮਾਲਾਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਸਥਿਤ ਰੈਸਟੋਰੈਂਟ / ਹੋਟਲ ਰਾਤ 8.30 ਵਜੇ ਤੱਕ ਖੁੱਲੇ ਰਹਿਣਗੇ. ਉੱਥੇ ਹੀ 31.07.2020 ਦੀ ਹਦਾਇਤਾਂ ਅਨੁਸਾਰ ਸੂਬੇ ਵਿਚ ਜਰੂਰੀ ਵਸਤਾਂ ਅਤੇ ਸ਼ਾਪਿੰਗ ਮਾਲ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ।
ਕੋਰੋਨਾ ਨਾਲ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ 3 ਸ਼ਹਿਰਾਂ ਲੁਧਿਆਣਾ, ਪਟਿਆਲਾ ਅਤੇ ਜਲੰਧਰ ਦੇ ਵਿੱਚ ਦੁਕਾਨਾਂ (ਜ਼ਰੂਰੀ ਚੀਜ਼ਾਂ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਵੀ ਅਗਲੇ ਹੁਕਮਾਂ ਤੱਕ ਸ਼ਨੀਵਾਰ ਨੂੰ ਬੰਦ ਰਹਿਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਵੱਡੇ ਸ਼ਹਿਰਾਂ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿਚ ਬੇਲੋੜੀ ਯਾਤਰਾ ਤੋਂ ਬਚਣ।
