ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸਤਲੁੱਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਮੀਟਿੰਗ ਹੋਵੇਗੀ। ਉੱਥੇ ਹੀ ਇਸ ਮੀਟਿੰਗ ਵਿਚ ਵਿਚੋਲਗੀ ਕਰਨ ਲਈ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਮੌਜੂਦ ਰਹਿਣਗੇ।
ਇਹ ਮੀਟਿੰਗ ਦੁਪਹਿਰ ਤਿੰਨ ਵਜੇ ਵੀਡੀਓ ਕਾਨਫਰੰਸਿੰਗ ਦੇ ਜਰੀਏ ਹੋਵੇਗੀ। ਦੱਸਿਆ ਇਹ ਜਾ ਰਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੀਟਿੰਗ ‘ਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ ਹਨ, ਜਦਕਿ ਸੀਐਮ ਕੈਪਟਨ ਵੀਡੀਓ ਕਾਨਫਰੰਸਿੰਗ ਰਾਹੀ ਇਸ ਬੈਠਕ ਵਿਚ ਸ਼ਮੂਲੀਅਤ ਕਰਨਗੇ। ਲੰਬੇ ਸਮੇਂ ਤੋਂ ਲਟਕਦੇ ਆ ਰਹੇ ਐਸਵਾਈਐਲ ਦੇ ਮੁੱਦੇ ਨੂੰ ਸੁਲਝਾਉਣ ਲਈ ਹਾਲ ‘ਚ ਹੀ ਸੁਪਰੀਮ ਕੋਰਟ ਨੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਗੱਲਬਾਤ ਕਰਨ ਲਈ ਕਿਹਾ ਸੀ ਅਤੇ ਕੇਂਦਰ ਨੂੰ ਇਸ ਮੁੱਦੇ ਦੇ ਹੱਲ ਲਈ ਦੋਵਾਂ ਵਿਚਾਲੇ ਵਿਚੋਲਗੀ ਕਰਨ ਲਈ ਆਖਿਆ ਸੀ।
ਉੱਥੇ ਹੀ ਮੀਟਿੰਗ ਤੋਂ ਪਹਿਲਾਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਂਸਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ”ਦਰਿਆਈ ਪਾਣੀ ਪੰਜਾਬ ਦੀ ਜੀਵਨ ਧਾਰਾ ਹਨ, ਅਤੇ ਦਰਿਆਈ ਪਾਣੀਆਂ ਦੇ ਮੁੱਦੇ ਸੂਬੇ ਦੇ ਹਿੱਤਾਂ ਨਾਲ ਕੋਈ ਵੀ ‘ਪ੍ਰਤੱਖ ਜਾਂ ਲੁਕਵਾਂ ਸਮਝੌਤਾ’ ਕਰਨ ਨਾਲੋਂ, ਚੰਗਾ ਹੈ ਕਿ ਮੁੱਖ ਮੰਤਰੀ ਪੰਜਾਬ ਇਹ ਸਮਝ ਲੈਣ ਕਿ ਇਸ ਦੇ ਨਤੀਜੇ ਕਿੰਨੇ ਭਿਆਨਕ ਹੋਣਗੇ। ਸਾਡੇ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ, ਕਿਉਂਕਿ ਸਾਡਾ ਪੰਜਾਬ ਖ਼ੁਦ ਸੂਬਾਈ ਪੱਧਰ ‘ਤੇ ਪਾਣੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਜੇਕਰ ਕੈਪਟਨ ਅਮਰਿੰਦਰ ਸਿੰਘ ਰਿਪੇਰੀਅਨ ਸਿਧਾਂਤ ਅਨੁਸਾਰ ਪੰਜਾਬ ਦੇ ਲੰਮੇ ਸਮੇਂ ਤੋਂ ਅਡੋਲ ਅਤੇ ਸੰਵਿਧਾਨਿਕ ਸਟੈਂਡ ਦੀ ਪੈਰਵੀ ਕਰਦੇ ਹਨ,ਤਾਂ ਮੈਂ ਉਨ੍ਹਾਂ ਨੂੰ ਹਰ ਪੱਖ ਤੋਂ ਪੂਰਾ ਸਾਥ ਦੇਣ ਦਾ ਭਰੋਸਾ ਦਿੰਦਾ ਹਾਂ”।
