ਮੁਲਤਾਨੀ ਕੇਸ : ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਧਾਰਾ 302 ਜੋੜਨ ਦੀ ਦਿੱਤੀ ਆਗਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੁਣ ਵੱਧ ਗਈਆਂ ਹਨ। ਦਰਅਸਲ ਮੁਹਾਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਦੀ ਸਿੱਟ ਨੂੰ ਸੁਮੇਧ ਸੈਣੀ ਵਿਰੁੱਧ ਇਸ ਮਾਮਲੇ ‘ਚ ਧਾਰਾ 302 ਜੋੜਨ ਦੀ ਆਗਿਆ ਦੇ ਦਿੱਤੀ ਹੈ। ਇਹ ਆਗਿਆ ਕੋਰਟ ਨੇ ਵਾਅਦਾ ਮੁਆਫ ਗਵਾਹ ਬਣੇ ਯੂਟੀ ਪੁਲਿਸ ਦੇ ਦੋ ਸਾਬਕਾ ਅਧਿਕਾਰੀਆਂ ਦੇ ਦਰਜ ਕੀਤੇ ਬਿਆਨਾਂ ਦੇ ਆਧਾਰ ਉੱਤੇ ਦਿੱਤੀ ਹੈ ਜਿਸ ਤੋਂ ਬਾਅਦ ਸੁਮੇਧ ਸੈਣੀ ਨੂੰ ਕਿਸੇ ਸਮੇਂ ਵੀ ਗਿਰਫਤਾਰ ਕੀਤਾ ਜਾ ਸਕਦਾ ਹੈ।

ਦਰਅਸਲ ਇਸ ਕੇਸ ਵਿਚ ਵਾਅਦਾ ਮੁਆਫ ਗਵਾਹ ਬਣੇ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਨੇ ਬੀਤੇ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਤੇ ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕਰਵਾਏ ਸਨ। ਗਵਾਹਾਂ ਨੇ ਕਿਹਾ ਸੀ ਕਿ ਉਹ ਆਪਣੀ ਮਰਜ਼ੀ ਨਾਲ ਹੀ ਬਿਆਨ ਦੇ ਰਹੇ ਹਨ ਅਤੇ ਉਨ੍ਹਾਂ ਉੱਤੇ ਕਿਸੇ ਤਰ੍ਹਾਂ ਦਾ ਦਬਾਅ ਨਹੀ ਹੈ, ਨਾ ਹੀ ਉਨ੍ਹਾਂ ਨੂੰ ਕੋਈ ਲਾਲਚ ਦਿੱਤਾ ਗਿਆ ਹੈ। ਉੱਥੇ ਹੀ ਪੁਲਿਸ ਨੇ ਅਦਾਲਤ ਤੋਂ ਸੁਮੇਧ ਸੈਣੀ ਵਿਰੁੱਧ ਚੱਲ ਰਹੇ ਮੁਕੱਦਮੇ ‘ਚ ਧਾਰਾ 302 ਜੋੜਨ ਦੀ ਇਜ਼ਾਜਤ ਮੰਗ ਸੀ। ਹਾਲਾਂਕਿ ਅਦਾਲਤ ਨੇ ਬੀਤੇ ਦਿਨ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਅੱਜ ਪੁਲਿਸ ਨੂੰ ਸੈਣੀ ਵਿਰੁੱਧ ਇਸ ਮਾਮਲੇ ਵਿਚ ਧਾਰਾ 302 ਭਾਵ ਕਤਲ ਦਾ ਕੇਸ ਚਲਾਉਣ ਦੀ ਇਜ਼ਾਜਤ ਦੇ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ

ਦਰਅਸਲ 1991 ਵਿਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ, ਸੈਣੀ ‘ਤੇ ਉਸ ਵੇਲੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਅਤੇ ਉਹ ਜਖਮੀ ਹੋ ਗਏ ਸਨ। ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ ‘ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ, ਜਦਕਿ ਮੁਲਤਾਨੀ ਦੇ ਪਰਿਵਾਰ ਦਾ ਆਰੋਪ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51 ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਖ਼ਿਲਾਫ਼ ਮਟੌਰ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *