ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਵੱਧ ਰਹੇ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਜਿੱਥੇ ਇਕ ਪਾਸੇ ਪੰਜਾਬ ਸਰਕਾਰ ਨੇ ਸਖਤੀਆਂ ਵਧਾ ਦਿੱਤੀਆਂ ਹਨ, ਉੱਥੇ ਹੀ ਹੁਣ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਲਈ ਮੂੰਹ ਉੱਤੇ ਮਾਸਕ ਪਾਉਣ ਲਾਜ਼ਮੀ ਕਰ ਦਿੱਤਾ ਗਿਆ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ।
ਦਰਅਸਲ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ ਪਰ ਕੋਰੋਨਾ ਸੰਕਟ ਵਿਚਾਲੇ ਸ਼ਰਧਾਲੂਆਂ ਦੀ ਆਮਦ ਵਿਚ ਕਮੀ ਵੀ ਵੇਖਣ ਨੂੰ ਮਿਲੀ ਹੈ। ਉੱਥੇ ਹੀ ਹਰ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਹੁਣ ਦਰਬਾਰ ਸਾਹਿਬ ਵਿਖੇ ਪਹੁੰਚਣ ਵਾਲੇ ਸ਼ਰਧਾਲੂਆਂ ਲਈ ਮੂੰਹ ‘ਤੇ ਮਾਸਕ ਪਾਉਣਾ ਜਾ ਮੂੰਹ ਨੂੰ ਢੱਕਣਾ ਜ਼ਰੂਰੀ ਕਰ ਦਿੱਤਾ ਗਿਆ ਹੈ ਜਿਸ ਕਰਕੇ ਅੱਜ ਸਵੇਰੇ ਤੋਂ ਹੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਦੇ ਮੂੰਹ ਉੱਤੇ ਮਾਸਕ ਪਹਿਣੇ ਵਿਖਾਈ ਦਿੱਤੇ ਹਨ। ਸ਼ਰਧਾਲੂਆਂ ਦਾ ਵੀ ਇਹੀ ਕਹਿਣਾ ਸੀ ਕਿ ਮਾਸਕ ਕੋਰੋਨਾ ਮਹਾਂਮਾਰੀ ਤੋਂ ਬੱਚਣ ਲਈ ਮੂੰਹ ‘ਤੇ ਪਹਿਨਣਾ ਜਰੂਰੀ ਹੈ, ਇਸ ਲਈ ਉਹ ਗੁਰੂ ਘਰ ਵਿਚ ਵੀ ਮਾਸਕ ਦੀ ਵਰਤੋਂ ਕਰ ਰਹੇ ਹਨ ਨਾਲ ਹੀ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਵੀ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਜੇਕਰ ਅੰਮ੍ਰਿਤਸਰ ਵਿਚ ਕੋਰੋਨਾ ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਇੱਥੇ ਹੁਣ ਤੱਕ 3210 ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 123 ਜਾਨਾਂ ਜਾ ਚੁੱਕੀਆਂ ਹਨ। ਉੱਥੇ ਹੀ 2523 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 564 ਹੋ ਗਈ ਹੈ।
