ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਘੁਟਾਲਾ : SAD ਨੇ CBI ਤਾਂ ਆਪ ਨੇ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੋਸਟ ਮੈਟ੍ਰਿਕ ਸਕਾਲਰਸ਼ਿੱਪ ਦੇ ਫੰਡ ਵਿਚ ਕਥਿਤ ਘੁਟਾਲੇ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਕੈਪਟਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੋਸਟ ਮੈਟ੍ਰਿਕ ਸਕਾਲਰਸ਼ਿੱਪ ਦੇ ਫੰਡ ਵਿਚ ਕਥਿਤ ਘੁਟਾਲੇ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਕੈਪਟਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਚੁੱਕੀ ਹੈ। ਸੀਐਮ ਕੈਪਟਨ ਵੱਲੋਂ ਇਸ ਘੁਟਾਲੇ ਦੀ ਜਾਂਚ ਦੀ ਜ਼ਿੰਮੇਵਾਰੀ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਦੇ ਦਿੱਤੀ ਗਈ ਹੈ ਪਰ ਅਕਾਲੀ ਦਲ ਨੇ ਇਸ ਦੀ ਜਾਂਚ ਸੀਬੀਆਈ ਅਤੇ ਆਮ ਆਦਮੀ ਪਾਰਟੀ ਨੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਦੋਵੇਂ ਪਾਰਟੀਆਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅਸਤੀਫਾ ਮੰਗਿਆ ਹੈ।

ਅਕਾਲੀ ਦਲ ਦੇ ਆਗੂ ਪਵਨ ਕੁਮਾਰ ਟੀਨੂ ਨੇ ਆਰੋਪ ਲਗਾਇਆ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੀ ਸ਼ਮੂਲੀਅਤ ਨਾਲ ਹੀ ਇਹ ਘੁਟਾਲਾ ਹੋਇਆ ਹੈ ਜਿਸ ਕਰਕੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਕਿਸੇ ਅਫਸਰ ਤੋਂ ਕਰਵਾਉਣ ਦੀ ਬਜਾਏ ਸੀਬੀਆਈ ਤੋਂ ਕਰਵਾਉਣੀ ਚਾਹੀਦੀ ਹੈ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਸਰਕਾਰ ਵਿਚ ਪਿਛਲੇ ਤਿੰਨ ਸਾਲਾਂ ਤੋਂ ਕਈ ਘੁਟਾਲੇ ਹੋ ਚੁੱਕੇ ਹਨ ਅਤੇ ਹੁਣ ਸਕਾਲਰਸ਼ਿੱਪ ਸਕੀਮ ਦਾ ਇਕ ਹੋਰ ਵੱਡਾ ਘੁਟਾਲਾ ਉਜ਼ਾਗਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਐਮ ਕੈਪਟਨ ਦੁਆਰਾ ਇਸ ਮਾਮਲੇ ਦੀ ਜਾਂਚ ਮੁੱਖ ਸਕੱਤਰ ਤੋਂ ਕਰਵਾਉਣਾ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲਾ ਕੰਮ ਹੈ ਅਤੇ ‘ਆਪ’ ਇਸ ਫੈਸਲੇ ਨੂੰ ਰੱਦ ਕਰਦੀ ਹੈ। ਅਮਨ ਅਰੋੜਾ ਨੇ ਮੰਗ ਕੀਤੀ ਕਿ ”ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਧੂ ਸਿੰਘ ਧਰਮਸੋਤ ਨੂੰ ਮਹਿਕਮੇ ਤੋਂ ਲਾਂਭੇ ਕਰਨ ਅਤੇ ਬਹੁਕਰੋੜੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋੋਂ ਕਰਵਾਉਣ”।

ਦੱਸ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ”ਕਥਿਤ ਸਕਾਲਰਸ਼ਿਪ ਘੁਟਾਲੇ ਵਿੱਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ ਅਤੇ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ ਜਿਸ ਨੂੰ ਕਾਨੂੰਨ ਮੁਤਾਬਕ ਤਰਕਪੂਰਨ ਸਿੱਟੇ ‘ਤੇ ਲਿਜਾਇਆ ਜਾਵੇ”।

Leave a Reply

Your email address will not be published. Required fields are marked *