ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਮਾਮਲੇ ਵਿਚ ਗੰਭੀਰ ਆਰੋਪਾਂ ਦਾ ਸਾਹਮਣਾ ਕਰ ਰਹੇ ਸੁਮੇਧ ਸੈਣੀ ਨੇ ਹਾਈਕੋਰਟ ਵੱਲੋਂ ਝਟਕਾ ਮਿਲਣ ਦੇ ਬਾਅਦ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਮੇਧ ਸੈਣੀ ਨੂੰ ਧਾਰਾ 302 ਵਿਚ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇੰਨਾ ਹੀ ਨਹੀਂ ਅਦਾਲਤ ਦੁਆਰਾ ਇਸ ਕੇਸ ਨੂੰ ਪੰਜਾਬ ਤੋਂ ਬਾਹਰ ਟ੍ਰਾਂਸਫਰ ਕਰਨ ਵਾਲੀ ਸੈਨੀ ਦੀ ਮੰਗ ਵੀ ਖਾਰਜ਼ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਸੁਮੇਧ ਸੈਣੀ ਕੋਲ ਮੁਹਾਲੀ ਪੁਲਿਸ ਅੱਗੇ ਆਤਮ ਸਮੱਰਪਣ ਜਾਂ ਫਿਰ ਸੁਪਰੀਮ ਕੋਰਟ ਵਿਚ ਜਾਣ ਦਾ ਰਸਤਾ ਬਚਿਆ ਸੀ। ਇਸੇ ਤਹਿਤ ਉਸ ਨੇ ਅਗਾਊਂ ਜ਼ਮਾਨਤ ਲਈ ਦੇਸ਼ ਦੀ ਸੱਭ ਤੋਂ ਵੱਡੀ ਅਦਾਲਤ ਵਿਚ ਪਟੀਸ਼ਨ ਦਾਖਲ ਕੀਤੀ ਹੈ। ਉੱਥੇ ਹੀ ਹਾਈਕੋਰਟ ਪਾਸਿਓ ਜ਼ਮਾਨਤ ਅਰਜੀ ਰੱਦ ਹੋਣ ਦੇ ਬਾਅਦ ਸੈਣੀ ਰੂਪੋਸ਼ ਹੈ ਅਤੇ ਪੁਲਿਸ ਉਸ ਦੀ ਭਾਲ ਲਈ ਪੰਜਾਬ ਅਤੇ ਬਾਹਰਲੇ ਸੂਬਿਆਂ ਵਿਚ ਛਾਪੇਮਾਰੀ ਕਰ ਰਹੀ ਹੈ।
ਕੀ ਹੈ ਪੂਰਾ ਮਾਮਲਾ
ਦਰਅਸਲ 1991 ਵਿਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ, ਸੈਣੀ ‘ਤੇ ਉਸ ਵੇਲੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਅਤੇ ਉਹ ਜਖਮੀ ਹੋ ਗਏ ਸਨ। ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ ‘ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ, ਜਦਕਿ ਮੁਲਤਾਨੀ ਦੇ ਪਰਿਵਾਰ ਦਾ ਆਰੋਪ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51 ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਖ਼ਿਲਾਫ਼ ਮਟੌਰ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।
