ਮੁਕਤਸਰ : ਸ਼੍ਰੀ ਮੁਕਤਸਰ ਜ਼ਿਲੇ ‘ਚ ਮੰਗਲਵਾਰ ਨੂੰ ਵਾਪਰੇ ਬੱਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਕੁਝ ਲੋਕਾਂ ਦੇ ਨਹਿਰ ‘ਚ ਰੁੜ੍ਹ ਜਾਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਨ੍ਹਾਂ ਦੀ ਭਾਲ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਐਨਡੀਆਰਐਫ ਦੀਆਂ ਟੀਮਾਂ ਨਹਿਰ ਵਿੱਚ ਲਾਸ਼ਾਂ ਲੱਭਣ ਵਿੱਚ ਜੁਟੀਆਂ ਹੋਈਆਂ ਹਨ। ਇਸ ਹਾਦਸੇ ‘ਚ ਮਾਰੇ ਗਏ ਸਾਰੇ 8 ਲੋਕਾਂ ਦੀਆਂ ਲਾਸ਼ਾਂ ਮੰਗਲਵਾਰ ਦੇਰ ਸ਼ਾਮ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ।
ਇਹ ਹਾਦਸਾ ਮੰਗਲਵਾਰ ਦੁਪਹਿਰ ਨੂੰ ਵਾਪਰਿਆ। ਮੁਕਤਸਰ ਕੋਟਕਪੂਰਾ ਰੋਡ ‘ਤੇ ਪਿੰਡ ਵੜਿੰਗ ਨੇੜੇ ਨਿਊ ਦੀਪ ਪ੍ਰਾਈਵੇਟ ਬੱਸ ਕੰਪਨੀ ਦੀ ਬੱਸ ਮੀਂਹ ਦੌਰਾਨ ਤੇਜ਼ ਰਫ਼ਤਾਰ ਹੋਣ ਕਾਰਨ ਰੇਲਿੰਗ ਤੋੜ ਕੇ ਸਰਹੰਦ ਫੀਡਰ ਨਹਿਰ ਵਿੱਚ ਜਾ ਡਿੱਗੀ। ਹੁਣ ਤੱਕ 8 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਦੀ ਪਛਾਣ ਵੀ ਕਰ ਲਈ ਗਈ ਹੈ। ਇਸ ਕਾਰਨ 11 ਲੋਕ ਜ਼ਖਮੀ ਹੋ ਗਏ, ਜਦੋਂ ਕਿ ਕਰੀਬ 40 ਲੋਕਾਂ ਨੂੰ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਅਤੇ ਪੁਲਸ ਪ੍ਰਸ਼ਾਸਨ ਨੇ ਬਚਾ ਲਿਆ।
ਪੁਲਿਸ ਨੇ ਲਾਪਰਵਾਹੀ ਨਾਲ ਬੱਸ ਚਲਾਉਣ ਦੇ ਦੋਸ਼ ਹੇਠ ਡਰਾਈਵਰ ਤੇ ਕੰਡਕਟਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਤਾਰ ਸਿੰਘ ਵਾਸੀ ਪਿੰਡ ਕੱਟਿਆਂਵਾਲੀ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ।



