ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ 6 ਨਵੰਬਰ ਤੱਕ ਵਧਾ ਦਿੱਤੀ ਹੈ। ਸੁਪਰੀਮ ਕੋਰਟ ਨੇ ਡਾਕਟਰੀ ਆਧਾਰ ‘ਤੇ ਜੈਨ ਦੀ ਅੰਤਰਿਮ ਜ਼ਮਾਨਤ ਵਧਾ ਦਿੱਤੀ ਹੈ। ਫਿਲਹਾਲ ਸਤੇਂਦਰ ਜੈਨ ਅੰਤਰਿਮ ਜ਼ਮਾਨਤ ‘ਤੇ ਹਨ। ਹੁਣ ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ 6 ਨਵੰਬਰ ਨੂੰ ਸੁਣਵਾਈ ਹੋਵੇਗੀ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 26 ਮਈ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਖਰਾਬ ਸਿਹਤ ਦੇ ਆਧਾਰ ‘ਤੇ 6 ਹਫਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਜਿਸ ਤੋਂ ਬਾਅਦ ਅਪੋਲੋ ਹਸਪਤਾਲ ‘ਚ ਸਤੇਂਦਰ ਜੈਨ ਦੀ ਰੀੜ੍ਹ ਦੀ ਹੱਡੀ ਦਾ ਆਪ੍ਰੇਸ਼ਨ ਕੀਤਾ ਗਿਆ। ਉਦੋਂ ਤੋਂ ਉਹ ਲਗਾਤਾਰ ਜ਼ਮਾਨਤ ‘ਤੇ ਹੈ।
24 ਅਗਸਤ, 2017 ਨੂੰ ਸੀਬੀਆਈ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਤੇਂਦਰ ਜੈਨ, ਪੂਨਮ ਜੈਨ, ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਇਸ ਐਫਆਈਆਰ ਦੇ ਆਧਾਰ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸਤੇਂਦਰ ਖਿਲਾਫ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ।



