ਬਟਾਲਾ: ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬਟਾਲਾ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਅਤੇ ਇਸ ਦੌਰਾਨ ਇੱਕ ਗੈਂਗਸਟਰ ਨੂੰ ਗੋਲੀ ਲੱਗੀ ਹੈ। ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ਦੌਰਾਨ ਜਿਸ ਗੈਂਗਸਟਰ ਨੂੰ ਗੋਲੀ ਲੱਗੀ ਹੈ ਉਸਨੂੰ ਜ਼ਖ਼ਮੀ ਹਾਲਤ ਵਿਚ ਬਟਾਲਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਨੌਜਵਾਨ ਦਾ ਨਾਮ ਨਵਨੀਤ ਸਿੰਘ ਹੈ ਅਤੇ ਪਿੰਡ ਬੱਲਪੁਰੀਆ ਦਾ ਰਹਿਣ ਵਾਲਾ ਸੀ।ਉਸ ਦੇ ਛੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਦੇ ਨਾਲ ਹੀ ਬਟਾਲਾ ਪੁਲਿਸ ਨੇ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਮੁਕਾਬਲੇ ਤੋਂ ਬਾਅਦ ਇੱਕ ਮੁੱਖ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਆਪਣੇ ਬਚਾਅ ਵਿੱਚ ਜਵਾਬੀ ਫਾਇਰਿੰਗ ਕੀਤੀ, ਜਿਸ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗ ਗਈ। ਇਹ ਬਾਰੇ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਰਾਹੀਂ ਦਿੱਤੀ ਹੈ।ਉਹਨਾਂ ਨੇ ਟਵੀਟ ਕਰ ਲਿਖਿਆ ਹੈ ਕਿ ਇਸ ਵਾਰਦਾਤ ਦੌਰਾਨ ਵਰਤੇ ਗਏ 4 ਪਿਸਤੌਲ ਬਰਾਮਦ ਕੀਤੇ ਗਏ ਅਤੇ 6 ਹੋਰ ਵਿਅਕਤੀਆਂ ਨੂੰ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਗ੍ਰਿਫਤਾਰ ਕੀਤਾ ਗਿਆ।
