ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਛੋਟੇ ਭਰਾ ਨੇ ਦਿੱਤੀ ਚਿਤਾ ਨੂੰ ਅਗਨੀ

ਮੋਹਾਲੀ : ਮੋਹਾਲੀ ਦੇ ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੀ…

Kabaddi promoter Rana Balachauria

ਮੋਹਾਲੀ : ਮੋਹਾਲੀ ਦੇ ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੀ ਮ੍ਰਿਤਕ ਦੇਹ ਅੱਜ ਪੰਜ ਤੱਤਾਂ ਵਿੱਚ ਵਿਲੀਨ ਹੋ ਗਈ। ਰਾਣਾ ਬਲਾਚੌਰੀਆ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਚਣਕੋਆ (ਬਲਾਚੌਰ) ਵਿਖੇ ਬੇਹੱਦ ਗਮਗੀਨ ਮਾਹੌਲ ਵਿੱਚ ਕੀਤਾ ਗਿਆ।

ਵਿਆਹ ਦੇ 10ਵੇਂ ਦਿਨ ਉੱਜੜਿਆ ਸੁਹਾਗ

ਇਸ ਦੁਖਦਾਈ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰੀਆ ਨੇ ਮਹਿਜ਼ 10 ਦਿਨ ਪਹਿਲਾਂ, 6 ਦਸੰਬਰ ਨੂੰ ਦੇਹਰਾਦੂਨ ਦੀ ਰਹਿਣ ਵਾਲੀ ਕੁੜੀ ਨਾਲ ਵਿਆਹ ਕਰਵਾਇਆ ਸੀ। ਅਜੇ ਘਰ ਵਿੱਚ ਵਿਆਹ ਦੀਆਂ ਖੁਸ਼ੀਆਂ ਦਾ ਮਾਹੌਲ ਸੀ ਕਿ ਇਸ ਕਤਲ ਨੇ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ।

ਕਿਵੇਂ ਹੋਈ ਵਾਰਦਾਤ?

ਪੋਸਟਮਾਰਟਮ ਰਿਪੋਰਟ ਅਤੇ ਪੁਲਿਸ ਮੁਤਾਬਕ, ਹਮਲਾਵਰਾਂ ਨੇ ਰਾਣਾ ਬਲਾਚੌਰੀਆ ‘ਤੇ ਬਹੁਤ ਨੇੜਿਓਂ ਗੋਲੀ ਚਲਾਈ ਸੀ। ਗੋਲੀ ਰਾਣਾ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਵੱਜੀ ਅਤੇ ਮੂੰਹ ਰਾਹੀਂ ਬਾਹਰ ਨਿਕਲ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਦਾ ਵੱਡਾ ਖੁਲਾਸਾ: ਬੰਬੀਹਾ ਗੈਂਗ ਨਾਲ ਜੁੜੇ ਤਾਰ

ਮੋਹਾਲੀ ਪੁਲਿਸ ਨੇ ਇਸ ਕਤਲ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਐਸ.ਐਸ.ਪੀ. ਹਰਮਨਦੀਪ ਸਿੰਘ ਹੰਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ:

ਇਹ ਕਤਲ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਅਤੇ ਡੋਨੀ ਬਲ ਦੇ ਇਸ਼ਾਰੇ ‘ਤੇ ਕੀਤਾ ਗਿਆ। ਗੋਲੀ ਚਲਾਉਣ ਵਾਲਿਆਂ ਦੀ ਪਛਾਣ ਅੰਮ੍ਰਿਤਸਰ ਦੇ ਰਹਿਣ ਵਾਲੇ ਆਦਿਤਿਆ ਕਪੂਰ ਅਤੇ ਕਰਨ ਪਾਠਕ ਵਜੋਂ ਹੋਈ ਹੈ। ਪੁਲਿਸ ਅਨੁਸਾਰ ਰਾਣਾ ਦਾ ਨਾਮ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਜੁੜਿਆ ਸੀ, ਜਿਸ ਕਾਰਨ ਪੁਰਾਣੀ ਰੰਜਿਸ਼ ਤਹਿਤ ਇਹ ਕਤਲ ਹੋਇਆ। ਪੁਲਿਸ ਨੇ ਦੱਸਿਆ ਕਿ ਹਮਲਾਵਰ ਪ੍ਰਸ਼ੰਸਕ ਬਣ ਕੇ ਆਏ ਸਨ। ਉਨ੍ਹਾਂ ਨੇ ਸੋਹਾਣਾ ਮੈਚ ਦੌਰਾਨ ਰਾਣਾ ਨੂੰ ਸੈਲਫੀ ਲੈਣ ਲਈ ਰੋਕਿਆ ਅਤੇ ਮੌਕਾ ਮਿਲਦੇ ਹੀ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਸਿੱਧੂ ਮੂਸੇਵਾਲਾ ਮਾਮਲੇ ਨਾਲ ਕੋਈ ਸਬੰਧ ਨਹੀਂ

ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਇਸ ਕਤਲ ਦਾ ਸਿੱਧੂ ਮੂਸੇਵਾਲਾ ਮਾਮਲੇ ਜਾਂ ਉਸ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨਾਲ ਕੋਈ ਸਬੰਧ ਨਹੀਂ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਅੰਤਿਮ ਸੰਸਕਾਰ ਦੌਰਾਨ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ, ਇਲਾਕਾ ਨਿਵਾਸੀ ਅਤੇ ਰਿਸ਼ਤੇਦਾਰ ਮੌਜੂਦ ਸਨ, ਜਿਨ੍ਹਾਂ ਨੇ ਨਮ ਅੱਖਾਂ ਨਾਲ ਰਾਣਾ ਬਲਾਚੌਰੀਆ ਨੂੰ ਅੰਤਿਮ ਵਿਦਾਇਗੀ ਦਿੱਤੀ।

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

Leave a Reply

Your email address will not be published. Required fields are marked *