ਚੰਡੀਗੜ੍ਹ : ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਜੌੜਾਮਾਜਰਾ ਨੇ ਬੀਬੀਐੱਮਬੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਜੌੜਾਮਾਜਰਾ ਨੂੰ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ।
ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਇਹਤਿਆਤੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਖ਼ਾਸ ਤੌਰ ’ਤੇ ਬੀਬੀਐੱਮਬੀ ਦੇ ਅਧਿਕਾਰੀਆਂ ਨੂੰ ਡੈਮਾਂ ਤੋਂ ਪਾਣੀ ਛੱਡਣ ਬਾਰੇ ਸਮੇਂ ਸਿਰ ਅਪਡੇਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰ ਅਤੇ ਕਿਸਾਨਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਉਪਾਅ ਯਕੀਨੀ ਬਣਾਏ ਜਾ ਸਕਣ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਨਹਿਰੀ ਪਾਣੀ ਦੀ ਵਰਤੋਂ ਵਿਚ ਲਗਪਗ 38 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿਚ ਹੋਰ ਵਾਧਾ ਕੀਤਾ ਜਾਵੇਗਾ। ਮੀਟਿੰਗ ਵਿਚ ਹੋਰਨਾਂ ਰਾਜਾਂ ਦੇ ਪਾਣੀ ਸਬੰਧੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ।
