ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਚੰਡੀਗੜ੍ਹ, 29 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ…

Punjab Chief Minister Bhagwant Singh Mann on Friday declared the Aam Aadmi Party (AAP)’s sweeping victory

ਚੰਡੀਗੜ੍ਹ, 29 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ ‘ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੂਰੀ ਤਰ੍ਹਾਂ ‘ਸਫ਼ਾਇਆ’ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਪੂਰੇ ਪੰਜਾਬ ਵਿੱਚ ‘ਆਪ’ ਦੇ ਦਬਦਬੇ, ਜਿਸ ਵਿੱਚ ਧੂਰੀ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ (ਜਿਸ ਨੂੰ “ਈ.ਡੀ. ਪਾਰਟੀ” ਕਿਹਾ ਜਾਂਦਾ ਹੈ) ਨੂੰ ਪੰਜਵੇਂ ਸਥਾਨ ‘ਤੇ ਧੱਕ ਦਿੱਤਾ ਹੈ ਅਤੇ ਇੱਕ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਕਾਰਗੁਜ਼ਾਰੀ ਦੀ ਰਾਜਨੀਤੀ ਦੇ ਨਾਲ ਖੜ੍ਹਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਫ਼ਤਵਾ ਇਸ ਗੱਲ ਦਾ ਵੀ ਸੰਕੇਤ ਹੈ ਕਿ ‘ਆਪ’ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 2022 ਦੀ ਆਪਣੀ ਇਤਿਹਾਸਕ ਜਿੱਤ ਦੇ ਰਿਕਾਰਡ ਨੂੰ ਵੀ ਪਾਰ ਕਰਨ ਦੇ ਰਾਹ ‘ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਵਿਕਾਸ ਕੀਤਾ ਜਾਵੇਗਾ।

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਫਿਰਕੂ ਤਾਕਤਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ਅਤੇ ਧਰਮ ਨਿਰਪੱਖਤਾ ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਫ਼ੈਸਲਾ ਸੁਣਾਇਆ ਹੈ। ਅੱਤ ਦੀ ਗਰਮੀ ਦੇ ਬਾਵਜੂਦ ਲੋਕ ਜਮਹੂਰੀਅਤ ਦੀ ਰਾਖੀ ਲਈ ਵੋਟ ਪਾਉਣ ਬਾਹਰ ਨਿਕਲੇ, ਜੋ ਬਹੁਤ ਹੀ ਉਤਸ਼ਾਹਜਨਕ ਸੰਕੇਤ ਹੈ।”

ਪਿਛਲੇ ਚਾਰ ਸਾਲਾਂ ਦੌਰਾਨ ਪਾਰਟੀ ਦੇ ਚੋਣ ਪ੍ਰਦਰਸ਼ਨ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ ਲਗਾਤਾਰ ‘ਆਪ’ ਅਤੇ ਇਸ ਦੀਆਂ ਨੀਤੀਆਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ, “ਆਪ ਨੇ ਲਗਪਗ 13,000 ਪੰਚਾਇਤਾਂ ਵਿੱਚੋਂ 11,000 ਤੋਂ ਵੱਧ ਪੰਚਾਇਤੀ ਸੀਟਾਂ ਜਿੱਤੀਆਂ ਸਨ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ, ਚਾਰ ਵਿਧਾਨ ਸਭਾ ਸੀਟਾਂ, ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸਮਿਤੀਆਂ ਅਤੇ ਹੁਣ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ ‘ਆਪ’ ਲਈ ਜਨਤਾ ਦਾ ਸਮਰਥਨ ਲਗਾਤਾਰ ਵਧ ਰਿਹਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਸਾਂਝੀ ਤਾਕਤ ਵੀ ‘ਆਪ’ ਨੂੰ ਮਿਲੇ ਸਮਰਥਨ ਦਾ ਮੁਕਾਬਲਾ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ, “ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ, ਜਿਸ ਨੂੰ ਮੈਂ ਈ.ਡੀ. ਪਾਰਟੀ ਕਹਿੰਦਾ ਹਾਂ, ਸਾਰੇ ਮਿਲ ਕੇ ਵੀ ‘ਆਪ’ ਵੱਲੋਂ ਜਿੱਤੀਆਂ ਗਈਆਂ ਸੀਟਾਂ ਦੀ ਗਿਣਤੀ ਤੱਕ ਨਹੀਂ ਪਹੁੰਚ ਸਕੇ। ਲੋਕਾਂ ਨੇ ਉਨ੍ਹਾਂ ਦੇ ਨਕਾਰਾਤਮਕ ਅਤੇ ਵੰਡ-ਪਾਊ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇੱਥੋਂ ਤੱਕ ਕਿ ਸ਼ਹਿਰੀ ਖੇਤਰਾਂ ਵਿੱਚ ਵੀ, ਜਿਨ੍ਹਾਂ ਨੂੰ ਭਾਜਪਾ ਆਪਣਾ ਰਵਾਇਤੀ ਵੋਟ ਬੈਂਕ ਮੰਨਦੀ ਹੈ, ਵੋਟਰਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।”

ਭਾਜਪਾ ਦੀ ਕਾਰਗੁਜ਼ਾਰੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ 1,000 ਤੋਂ ਵੱਧ ਸੀਟਾਂ ‘ਤੇ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੀ। ਇੰਨਾ ਜ਼ਿਆਦਾ ਪ੍ਰਚਾਰ ਕਰਨ ਦੇ ਬਾਵਜੂਦ ਉਹ ਇਨ੍ਹਾਂ ਚੋਣਾਂ ਵਿੱਚ ਪੰਜਵੇਂ ਸਥਾਨ ‘ਤੇ ਰਹੀ ਹੈ। ਕਈ ਥਾਵਾਂ ‘ਤੇ ਤਾਂ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਜਿੱਤੀਆਂ ਹਨ। ਅਜਿਹਾ ਲੱਗਦਾ ਸੀ ਜਿਵੇਂ ਭਾਜਪਾ ਸਿਰਫ਼ ‘ਨੋਟਾ’ ਨਾਲ ਮੁਕਾਬਲਾ ਕਰ ਰਹੀ ਹੋਵੇ।”

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਨੇ ਚੋਣਾਂ ਵਿੱਚ ਵਿਆਪਕ ਫ਼ਤਵਾ ਹਾਸਲ ਕੀਤਾ ਹੈ ਅਤੇ ਉਨ੍ਹਾਂ ਪਾਰਟੀ ਕਾਰਕੁਨਾਂ ਦੀ ਅਣਥੱਕ ਮਿਹਨਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਇਨ੍ਹਾਂ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ 2027 ਵਿੱਚ ‘ਆਪ’ ਦਾ ਰਾਹ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਲੋਕਾਂ ਨੇ ਉਨ੍ਹਾਂ ਨੂੰ ਵੀ ਸਬਕ ਸਿਖਾਇਆ ਹੈ, ਜਿਨ੍ਹਾਂ ਨੇ ‘ਆਪ’ ਆਗੂਆਂ ਅਤੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਈ.ਡੀ.ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਸੀ।”

ਪਾਰਟੀ ਛੱਡ ਕੇ ਜਾਣ ਵਾਲੇ ‘ਆਪ’ ਦੇ ਸਾਬਕਾ ਰਾਜ ਸਭਾ ਮੈਂਬਰਾਂ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਰਾਹ ਚੁਣਿਆ, ਉਨ੍ਹਾਂ ਨੂੰ ਲੋਕਾਂ ਨੇ ਜਵਾਬ ਦੇ ਦਿੱਤਾ ਹੈ। ਉਨ੍ਹਾਂ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਅਤੇ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੀ ਹਾਸਲ ਕੀਤਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ।”

ਹਲਕਾਵਾਰ ਨਤੀਜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਪੂਰੇ ਪੰਜਾਬ ਵਿੱਚ ‘ਆਪ’ ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਪੰਜਾਬ ਕਾਂਗਰਸ ਪ੍ਰਧਾਨ ਦੇ ਜੱਦੀ ਹਲਕੇ ਗਿੱਦੜਬਾਹਾ ਵਿੱਚ ‘ਆਪ’ ਨੇ 19 ਵਿੱਚੋਂ 17 ਸੀਟਾਂ ਜਿੱਤੀਆਂ। ਬਰਨਾਲਾ, ਜੋ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਨਾਲ ਸਬੰਧਤ ਹੈ, ਉੱਥੇ ਭਾਜਪਾ ਕਿਤੇ ਮੁਕਾਬਲੇ ਵਿੱਚ ਹੀ ਨਹੀਂ ਸੀ, ਜਦੋਂਕਿ ‘ਆਪ’ ਨੇ 50 ਵਿੱਚੋਂ 37 ਸੀਟਾਂ ‘ਤੇ ਜਿੱਤ ਦਰਜ ਕੀਤੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਮਿਲ ਰਿਹਾ ਸਮਰਥਨ ਸੂਬੇ ਦੇ ਸਾਰੇ ਖੇਤਰਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। “ਮੇਰੇ ਆਪਣੇ ਧੂਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਨੇ 21 ਵਿੱਚੋਂ 19 ਸੀਟਾਂ ਜਿੱਤੀਆਂ ਹਨ। ਵਿਰੋਧੀ ਪਾਰਟੀਆਂ ਨੇ ਸ਼ਾਇਦ ਕੁਝ ਇੱਕਾ-ਦੁੱਕਾ ਥਾਂਵਾਂ ‘ਤੇ ਜਿੱਤ ਹਾਸਲ ਕੀਤੀ ਹੋਵੇ, ਪਰ ‘ਆਪ’ ਨੇ ਦੁਆਬਾ, ਮਾਝਾ ਅਤੇ ਮਾਲਵਾ ਸਾਰੇ ਪਾਸੇ ਜਿੱਤ ਦਰਜ ਕੀਤੀ ਹੈ। ਲੋਕਾਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਦੀ ਸਪਲਾਈ, ਮਿਆਰੀ ਸਕੂਲੀ ਸਿੱਖਿਆ ਅਤੇ ਹੋਰ ਲੋਕ ਭਲਾਈ ਸਕੀਮਾਂ ਦੇ ਹੱਕ ਵਿੱਚ ਵੋਟ ਪਾਈ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਦਾ ਪੈਮਾਨਾ ਸਮਾਜ ਦੇ ਹਰ ਵਰਗ ਦੇ ਵਿਆਪਕ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਹਰ ਕਿਸੇ ਨੇ ‘ਆਪ’ ਨੂੰ ਵੋਟ ਦਿੱਤੀ ਹੈ, ਜਿਸ ਕਾਰਨ ਪਾਰਟੀ ਨੇ 90 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ। ਕਾਂਗਰਸ ਅਤੇ ਅਕਾਲੀ ਦਲ ਹਾਰ ਤੋਂ ਬਾਅਦ ਸ਼ਿਕਾਇਤਾਂ ਕਰਨ ਦੀ ਆਪਣੀ ਪੁਰਾਣੀ ਆਦਤ ਨੂੰ ਜਾਰੀ ਰੱਖ ਸਕਦੇ ਹਨ, ਪਰ ਉਨ੍ਹਾਂ ਨੂੰ ਲੋਕਾਂ ਦੇ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ। ਕਈ ਥਾਵਾਂ ‘ਤੇ ਤਾਂ ਉਨ੍ਹਾਂ ਨੂੰ ਚੋਣ ਲੜਨ ਲਈ ਉਮੀਦਵਾਰ ਵੀ ਨਹੀਂ ਮਿਲ ਸਕੇ।”

ਇਨ੍ਹਾਂ ਚੋਣਾਂ ਨੂੰ ਇੱਕ ਵੱਡੇ ਸਿਆਸੀ ਸਫ਼ਰ ਦੀ ਸ਼ੁਰੂਆਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਤੀਜੇ ਸਿਰਫ਼ ਇੱਕ ਸ਼ੁਰੂਆਤ ਹਨ। ‘ਆਪ’ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਹੋਰ ਸੀਟਾਂ ਜਿੱਤਣਾ ਜਾਰੀ ਰੱਖੇਗੀ। ਰੱਬ ਦੀ ਮਿਹਰ ਨਾਲ ਸੁਨੀਲ ਜਾਖੜ ਨੇ ਸਹੀ ਸਮੇਂ ‘ਤੇ ਆਪਣਾ ਅਹੁਦਾ ਛੱਡ ਦਿੱਤਾ। ਦੂਜੇ ਪਾਸੇ ਰਾਜਾ ਵੜਿੰਗ ਨੂੰ ਦਿੱਲੀ ਵਿੱਚ ਆਪਣੀ ਪਾਰਟੀ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਔਖੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।”

ਵੋਟਿੰਗ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵਿਹਾਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਵੋਟਿੰਗ ਵਾਲੇ ਦਿਨ ਜੋ ਡਰਾਮੇਬਾਜ਼ੀ ਦੇਖਣ ਨੂੰ ਮਿਲੀ, ਉਹ ਬੇਲੋੜੀ ਅਤੇ ਮੰਦਭਾਗੀ ਸੀ। ਅਜਿਹਾ ਰਵੱਈਆ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦਾ।”

ਵੋਟਿੰਗ ਪ੍ਰਣਾਲੀ ‘ਤੇ ਉਠਾਏ ਗਏ ਖ਼ਦਸ਼ਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁਝ ਪਾਰਟੀਆਂ ਜਦੋਂ ਵੀ ਹਾਰਦੀਆਂ ਹਨ ਤਾਂ ਉਹ ਬੈਲਟ ਪੇਪਰਾਂ ਅਤੇ ਈ.ਵੀ.ਐਮ. ਦੋਵਾਂ ‘ਤੇ ਇਤਰਾਜ਼ ਜਤਾਉਂਦੀਆਂ ਹਨ। ਭਾਰਤੀ ਚੋਣ ਕਮਿਸ਼ਨ ਨੂੰ ਈ.ਵੀ.ਐਮਜ਼. ਬਾਰੇ ਫੈਲੀਆਂ ਗਲਤਫ਼ਹਿਮੀਆਂ ਨੂੰ ਦੂਰ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।”

ਇਸ ਵੱਡੇ ਫਤਵੇ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਸਰਕਾਰ ਨੂੰ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ, “ਇਸ ਜਿੱਤ ਨੇ ਸਾਨੂੰ ਨਿਮਰਤਾ ਨਾਲ ਭਰ ਦਿੱਤਾ ਹੈ। ਅਸੀਂ ਪੂਰੀ ਮਿਸ਼ਨਰੀ ਭਾਵਨਾ ਅਤੇ ਵਚਨਬੱਧਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹਾਂਗੇ।”

Leave a Reply

Your email address will not be published. Required fields are marked *