ਪਠਾਨਕੋਟ: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਦੇ ਫੈਸਲੇ ਤੋਂ ਬਾਅਦ ਪੂਰੇ ਪੰਜਾਬ ‘ਚ ਰੋਸ ਦੀ ਲਹਿਰ ਹੈ। ਅੱਜ ਪਠਾਨਕੋਟ ਵਿਖੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੀ ਅਗਵਾਈ ਹੇਠ ‘ਆਪ’ ਵਰਕਰਾਂ ਅਤੇ ਆਗੂਆਂ ਨੇ ਭਾਰੀ ਇਕੱਠ ਕਰਕੇ ਬਾਗੀ ਸੰਸਦ ਮੈਂਬਰਾਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ।
“ਇਹ ਪੰਜਾਬ ਦੇ ਲੋਕਾਂ ਦੇ ਭਰੋਸੇ ਦਾ ਕਤਲ ਹੈ” – ਕਟਾਰੂਚੱਕ
ਪ੍ਰਦਰਸ਼ਨ ਦੌਰਾਨ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਹ ਬਾਗੀ ਆਗੂ ਸਿਰਫ਼ ਅਤੇ ਸਿਰਫ਼ ਸੱਤਾ ਦੇ ਲਾਲਚ ਵਿੱਚ ਪਾਰਟੀ ਅਤੇ ਲੋਕਾਂ ਨੂੰ ਧੋਖਾ ਦੇ ਕੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਨ੍ਹਾਂ ਨੂੰ ਵੋਟਾਂ ਪਾ ਕੇ ਵੱਡੀਆਂ ਉਮੀਦਾਂ ਨਾਲ ਰਾਜ ਸਭਾ ਵਿੱਚ ਭੇਜਿਆ ਸੀ, ਉਨ੍ਹਾਂ ਨਾਲ ਇਹ ਗੱਦਾਰੀ ਹੈ। ਮੰਤਰੀ ਨੇ ਸਾਫ਼ ਕਿਹਾ ਕਿ ਪੰਜਾਬ ਦੀ ਜਨਤਾ ਅਜਿਹੇ ਮੌਕਾਪ੍ਰਸਤ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਨੂੰ ਆਪਣੇ ਕੀਤੇ ਦਾ ਜਵਾਬ ਦੇਣਾ ਪਵੇਗਾ।
ਸੰਸਦ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ
ਮੰਤਰੀ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਜਪਾ ‘ਚ ਸ਼ਾਮਲ ਹੋਣ ਵਾਲੇ ਇਨ੍ਹਾਂ ਬਾਗੀ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਤਰਕ ਦਿੱਤਾ ਕਿ ਇਨ੍ਹਾਂ ਆਗੂਆਂ ਨੇ ਲੋਕਤੰਤਰੀ ਮੁੱਲਾਂ ਦੀ ਸ਼ਰੇਆਮ ਉਲੰਘਣਾ ਕੀਤੀ ਹੈ ਅਤੇ ਜਨਤਾ ਦੇ ਫਤਵੇ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਹੋਣੀ ਬਹੁਤ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਹੋਰ ਆਗੂ ਲੋਕਾਂ ਦੇ ਵਿਸ਼ਵਾਸ ਨਾਲ ਖੇਡਣ ਦੀ ਹਿੰਮਤ ਨਾ ਕਰ ਸਕੇ।
ਪ੍ਰਦਰਸ਼ਨ ਹੋਰ ਤੇਜ਼ ਹੋਣ ਦੀ ਚੇਤਾਵਨੀ
ਇਸ ਮੌਕੇ ‘ਆਪ’ ਵਰਕਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਬਾਗੀ ਆਗੂਆਂ ਖਿਲਾਫ ਸਖ਼ਤ ਕਾਰਵਾਈ ਨਾ ਹੋਈ, ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ। ਪੂਰੇ ਪਠਾਨਕੋਟ ਵਿੱਚ ਵਰਕਰਾਂ ਨੇ ਇਨ੍ਹਾਂ ਬਾਗੀ ਆਗੂਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪਾਰਟੀ ਪ੍ਰਤੀ ਆਪਣੀ ਵਫਾਦਾਰੀ ਦਾ ਪ੍ਰਗਟਾਵਾ ਕੀਤਾ।


