ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਦਾ ਇਕ ਮਹੀਨਾ ਪੂਰਾ ਹੋ ਗਿਆ ਹੈ ਤਾਂ ਪਾਰਟੀ ਵਲੋਂ ਦਿੱਤੀ ਬਿਜਲੀ ਸਬੰਧੀ ਗਾਰੰਟੀ ਨੂੰ ਪੂਰਾ ਕਰ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਵੀ ਇਕ ਮਹੀਨੇ ਦੌਰਾਨ ਕਈ ਲੋਕ ਪੱਖੀ ਫ਼ੈਸਲੇ ਪੰਜਾਬ ਸਰਕਾਰ ਵਲੋਂ ਲਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀਆਂ ਪਾਰਟੀਆਂ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਮੁਫਤ ਬਿਜਲੀ ਵੀ ਲੋਕਾਂ ਨੂੰ 1 ਜੁਲਾਈ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਵਲੋਂ ਪੌਣੇ ਪੰਜ ਸਾਲ ਤੱਕ ਕੁਝ ਨਹੀਂ ਕੀਤਾ ਜਾਂਦਾ ਅਤੇ ਅਖੀਰ ਵਿਚ ਐਲਾਨ ਕੀਤੇ ਜਾਂਦੇ ਹਨ ਜੋ ਕਿ ਪੂਰੀ ਤਰ੍ਹਾਂ ਲਾਗੂ ਹੀ ਨਹੀਂ ਹੋ ਪਾਉਂਦੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਵੱਡੇ-ਵੱਡੇ ਦਾਅਵੇ ਕਰ ਦਿੰਦੀਆਂ ਹਨ ਅਤੇ ਬਾਅਦ ਵਿਚ ਇਹ ਕਹਿ ਕੇ ਪੱਲਾ ਝਾੜ ਲੈਂਦੇ ਹਨ ਕਿ ਇਹ ਤਾਂ ਸਿਆਸੀ ਜੁਮਲੇ ਹੁੰਦੇ ਹਨ, ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਲੋਂ ਕੀਤੇ ਗਏ ਵਾਅਦਿਆਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਅੱਗੋਂ ਵੀ ਇਹ ਜਨਤਾ ਦੀ ਸੇਵਾ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਨੇ ਇਕ ਨਵੀਂ ਪਿਰਤ ਤੋਰ ਦਿੱਤੀ ਹੈ ਅਤੇ ਵਿਰੋਧੀਆਂ ਨੂੰ ਇਹ ਦਿਖਾ ਦਿੱਤਾ ਹੈ ਕਿ ਆਪਣੇ ਵਾਅਦਿਆਂ ਨੂੰ ਕਿਵੇਂ ਇੰਨ-ਬਿੰਨ ਲਾਗੂ ਕੀਤਾ ਹੈ।
ਦੇਖੋ ਹੋਰ ਕੀ ਬੋਲੇ ਅਮਨ ਅਰੋੜਾ



