ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅਪਰਾਧਿਕ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਖਲਚੀਆਂ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁੱਠਭੇੜ (ਐਨਕਾਊਂਟਰ) ਹੋ ਗਈ। ਇਸ ਜਵਾਬੀ ਫਾਇਰਿੰਗ ਦੌਰਾਨ ਪੁਲਿਸ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਦੇ ਦੋ ਖ਼ਤਰਨਾਕ ਸ਼ੂਟਰਾਂ ਨੂੰ ਦਬੋਚ ਲਿਆ। ਮੁਕਾਬਲੇ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ।
ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਵਿਛਾਇਆ ਜਾਲ
SSP ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਗੁਪਤ ਸੂਚਨਾ ਮਿਲੀ ਸੀ ਕਿ ਯੂਰਪ ਵਿੱਚ ਬੈਠ ਕੇ ਗੈਂਗ ਚਲਾ ਰਹੇ ਨਾਮੀ ਗੈਂਗਸਟਰ ਅਮਨਦੀਪ ਸਿੰਘ ਉਰਫ਼ ਮੰਨਾ ਦੇ ਦੋ ਸ਼ੂਟਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਖਲਚੀਆਂ ਇਲਾਕੇ ਵਿੱਚ ਘੁੰਮ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਹਰਕਤ ਵਿੱਚ ਆਈ ਅਤੇ ਟੈਕਨੀਕਲ ਸੋਰਸਿਸ ਦੀ ਮਦਦ ਨਾਲ ਮੁਲਜ਼ਮਾਂ ਨੂੰ ਟਰੇਸ ਕਰਨਾ ਸ਼ੁਰੂ ਕਰ ਦਿੱਤਾ।
ਡੇਮੋ ਵਾਲੀ ਨਹਿਰ ਨੇੜੇ ਹੋਈ ਫਾਇਰਿੰਗ
ਪੁਲਿਸ ਟੀਮ ਨੇ ਜਦੋਂ ਡੇਮੋ ਵਾਲੀ ਨਹਿਰ ਦੇ ਨਜ਼ਦੀਕ ਦੋਵਾਂ ਸ਼ੱਕੀ ਨੌਜਵਾਨਾਂ ਨੂੰ ਘੇਰ ਕੇ ਰੋਕਣ ਦਾ ਇਸ਼ਾਰਾ ਕੀਤਾ, ਤਾਂ ਉਨ੍ਹਾਂ ਨੇ ਆਤਮਸਮਰਪਣ ਕਰਨ ਦੀ ਬਜਾਏ ਪੁਲਿਸ ਪਾਰਟੀ ‘ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਪੁਜ਼ੀਸ਼ਨ ਲੈਂਦਿਆਂ ਆਤਮ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ। ਇਸ ਮੁਕਾਬਲੇ ਦੌਰਾਨ ਹੀਰਾ ਸਿੰਘ ਨਾਮਕ ਸ਼ੂਟਰ ਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਅਤੇ ਉਸ ਦੇ ਦੂਜੇ ਸਾਥੀ ਲਵਪ੍ਰੀਤ ਸਿੰਘ ਨੂੰ ਮੌਕੇ ‘ਤੇ ਹੀ ਦਬੋਚ ਲਿਆ।
ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਅਤੇ ਹਥਿਆਰਾਂ ਦੀ ਬਰਾਮਦਗੀ
ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਹੀਰਾ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਯੂਰਪ ਤੋਂ ਨੈੱਟਵਰਕ ਚਲਾ ਰਹੇ ਅਮਨਦੀਪ ਮੰਨਾ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਵਾਰਦਾਤਾਂ ਕਰਦੇ ਸਨ। ਫੜੇ ਗਏ ਮੁਲਜ਼ਮ ਹੀਰਾ ਸਿੰਘ ਖ਼ਿਲਾਫ਼ ਪਹਿਲਾਂ ਵੀ ਕਤਲ ਵਰਗਾ ਸੰਗੀਨ ਮਾਮਲਾ ਦਰਜ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਅਤੇ ਇੱਕ 9mm ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਵਿਦੇਸ਼ੀ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਤਿਆਰੀ
ਐਸ.ਐਸ.ਪੀ. ਚਾਹਲ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਨ ਲਈ ਭਾਰਤ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਫਿਲਹਾਲ ਦੋਵਾਂ ਸ਼ੂਟਰਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਨਾਲ ਗੈਂਗ ਦੇ ਹੋਰ ਮੈਂਬਰਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਕਈ ਸੰਭਾਵਿਤ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



