ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਖੁਲਾਸਾ ਕੀਤਾ ਕਿ ਪੁਲਿਸ ਨੇ ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਸਰਗਰਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਲਾਲ (23) ਅਤੇ ਜੋਬਨ (18) ਵਜੋਂ ਹੋਈ ਹੈ।
ਪਾਕਿਸਤਾਨੀ ਹਥਿਆਰਾਂ ਦੀ ਹੁੰਦੀ ਸੀ ਵਰਤੋਂ
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ‘ਕਰੀਏਟਿਵ ਵ੍ਹਹੀਲਸ’ ਦੇ ਮਾਲਕ ਤੋਂ ਫਿਰੌਤੀ ਮੰਗਣ ਲਈ ਅਪ੍ਰੈਲ ਮਹੀਨੇ ਵਿੱਚ ਫਾਇਰਿੰਗ ਕੀਤੀ ਸੀ। ਇਹ ਸ਼ੂਟਰ ਪ੍ਰਭ ਦਾਸੂਵਾਲ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਹੈਰਾਨੀਜਨਕ ਗੱਲ ਇਹ ਹੈ ਕਿ ਇਨ੍ਹਾਂ ਨੂੰ ਵਾਰਦਾਤ ਕਰਨ ਲਈ ਸਿਰਫ਼ 10,000 ਰੁਪਏ ਮਿਲਦੇ ਸਨ। ਪ੍ਰਭ ਦਾਸੂਵਾਲ ਇਨ੍ਹਾਂ ਲਈ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਸਰਹੱਦ ਪਾਰ ਆਉਂਦੇ ਸਨ। ਇਨ੍ਹਾਂ ਸ਼ੂਟਰਾਂ ਨੇ ਅੰਮ੍ਰਿਤਸਰ, ਤਰਨਤਾਰਨ ਅਤੇ ਵਲਟੋਹਾ ਸਮੇਤ ਕਈ ਇਲਾਕਿਆਂ ਵਿੱਚ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।
ਹਥਿਆਰ ਬਰਾਮਦਗੀ ਦੌਰਾਨ ਚੱਲੀ ਗੋਲੀ
ਜਦੋਂ ਪੁਲਿਸ ਟੀਮ ਗੁਰਪ੍ਰੀਤ ਸਿੰਘ ਲਾਲ ਨੂੰ ਹਥਿਆਰਾਂ ਦੀ ਰਿਕਵਰੀ ਲਈ ਮੋਹਕਮਪੁਰਾ ਇਲਾਕੇ ਦੇ ਇੱਕ ਨਾਖਾਂ ਦੇ ਬਾਗ ਵਿੱਚ ਲੈ ਕੇ ਗਈ, ਤਾਂ ਉੱਥੇ ਲੁਕੋ ਕੇ ਰੱਖੇ ਪਿਸਤੌਲ ਨਾਲ ਗੁਰਪ੍ਰੀਤ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਗੁਰਪ੍ਰੀਤ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜੇਲ੍ਹ ਵਿੱਚ ਬੰਦ ਸਾਥੀ ਤੋਂ ਵੀ ਹੋਵੇਗੀ ਪੁੱਛਗਿੱਛ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਦਾ ਤੀਜਾ ਸਾਥੀ ਬੋਹੜ ਸਿੰਘ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ। ਹੁਣ ਪੁਲਿਸ ਬੋਹੜ ਸਿੰਘ ਨੂੰ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਜਾਂਚ ਵਿੱਚ ਸ਼ਾਮਲ ਕਰੇਗੀ ਤਾਂ ਜੋ ਇਸ ਨੈੱਟਵਰਕ ਦੇ ਹੋਰ ਖੁਲਾਸੇ ਕੀਤੇ ਜਾ ਸਕਣ। ਪੁਲਿਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਕਿ ਇਸ ਗੈਂਗ ਦੇ ਹੋਰ ਕਿਹੜੇ ਮੈਂਬਰ ਇਲਾਕੇ ਵਿੱਚ ਸਰਗਰਮ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/faridkot-police-conducts-surgical-strike-on-liquor-smugglers-one-arrested-with-more-than-700-bottles/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



